ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜਾ ਹੜਤਾਲ ਦੇ ਪਹਿਲੇ ਪਾਵਰਕਾਮ ਦੇ ਮੁੱਖ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ, ਭੋਗਪੁਰ ਡਿਵੀਜ਼ਨ ਪ੍ਰਧਾਨ ਤਰਲੋਚਨ ਰੱਤੂ, ਸਬ ਅਰਬਨ ਡਿਵੀਜ਼ਨ ਪ੍ਰਧਾਨ ਗੁਰਜੀਤ ਸਿੰਘ, ਮੁਕੇਰੀਆਂ ਡਿਵੀਜ਼ਨ ਪ੍ਰਧਾਨ ਗੁਰਪ੍ਰੀਤ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ 'ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ 'ਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਸਿੱਧ ਹੁੰਦਾ ਹੈ ਕਿ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟ-ਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ 3 ਅਤੇ 4 ਦਸੰਬਰ ਨੂੰ ਵੀ ਹੜਤਾਲ ਜਾਰੀ ਰਹੇਗੀ |