ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਟਕ ਸਮਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 19 ਦਸੰਬਰ, 2025 ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ | ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸਨ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫ਼ੈਕਟਰੀ ਦੇ ਸਕਿਉਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਉਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, 'ਤੇ ਲਾਗੂ ਨਹੀਂ ਹੋਵੇਗਾ |