ਮਾਹਿਲਪੁਰ, 3 ਦਸੰਬਰ (ਰਜਿੰਦਰ ਸਿੰਘ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਝੋਨੇ ਦੇ ਪਰਾਲੀ ਵਿਚ ਕਣਕ ਦੀ ਸਿੱਧੀ ਬਿਜਾਈ ਦੀਆਂ ਪ੍ਰਦਰਸ਼ਨੀਆਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿੱਦਿਅਕ ਦੌਰਾ ਕਰਵਾਇਆ | ਕਿਸਾਨਾਂ ਨਾਲ ਰੂਬਰੂ ਹੁੰਦਿਆਂ ਡਾ. ਮਨਿੰਦਰ ਸਿੰਘ ਬੌਂਸ ਨੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਸ ਨੰੂ ਖਾਲੀ ਨਾ ਕਰੀਏ ਕਿਉਂਕਿ ਖਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸ ਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ | ਪਰਾਲੀ ਨੂੰ ਖੇਤ ਵਿਚ ਹੀ ਰੱਖਣ ਦੀ ਸਿਫ਼ਾਰਸ਼ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜ਼ਮੀਨ ਦੀ ਸਿਹਤ ਠੀਕ ਰਹਿੰਦੀ ਹੈ ਉੱਥੇ ਖਾਦਾਂ ਤੇ ਖਰਚੇ ਘੱਟ ਹੁੰਦੇ ਹਨ ਅਤੇ ਵਾਤਾਵਰਨ ਵੀ ਪਲੀਤ ਨਹੀਂ ਹੁੰਦਾ | ਇਨ੍ਹਾਂ ਪ੍ਰਦਰਸ਼ਨੀਆਂ ਵਿਚ ਕੇ.ਵੀ.ਕੇ. ਫਾਰਮ ਤੇ ਕਣਕ ਦੀ ਸਿੱਧੀ ਬਿਜਾਈ ਵੱਖ-ਵੱਖ ਤਕਨੀਕਾਂ ਨਾਲ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਉੱਗੀ ਕਣਕ ਦੀ ਸਫਲ ਕਾਸ਼ਤ ਦਾ ਸੰਦੇਸ਼ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚ ਸਕੇ | ਇਸ ਤੋਂ ਇਲਾਵਾ ਡਾ. ਬੌਂਸ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਕਰਕੇ ਬੀਜੀ ਕਣਕ ਦੇ ਸਰਵਪੱਖੀ ਕੀਟ ਪ੍ਰਬੰਧ ਬਾਬਤ ਵੀ ਜ਼ਰੂਰੀ ਨੁਕਤੇ ਸਾਂਝੇ ਕੀਤੇ | ਡਾ. ਪਰਮਿੰਦਰ ਸਿੰਘ ਨੇ ਪਰਾਲੀ ਦੀ ਚਾਰੇ ਤੇ ਖਾਦ ਵਜੋਂ ਵਰਤੋਂ ਬਾਰੇ ਦੱਸਿਆ | ਉਨ੍ਹਾਂ ਨੇ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ ਤੇ ਪਸ਼ੂ ਖ਼ੁਰਾਕ ਤਿਆਰ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਦਕਿ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਸ ਮੌਕੇ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਿਤ ਮਸ਼ੀਨਰੀ - ਸਰਫੇਸ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਡਰਿੱਲ ਦੀ ਵਰਤੋਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ |