ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਿੰਘ ਸਾਹਿਬਾਨ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਿਚਕਾਰ ਵਿਵਾਦ ਖ਼ਤਮ ਹੋਣ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਹੋਰ ਵਧੇਗੀ | ਇਹ ਪ੍ਰਤੀਕਿਰਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਪੰਥ ਦੇ ਵਡੇਰੇ ਹਿੱਤਾਂ ਲਈ ਹੋਏ ਪੰਥਕ ਸਮਝੌਤੇ ਬਾਅਦ ਕੀਤੀ | ਜਥੇਦਾਰ ਤਲਵੰਡੀ ਨੇ ਕਿਹਾ ਕਿ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਰਬਉੱਚ ਹਨ, ਪਰ ਜੋ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਲੈਣੇ ਹਨ, ਉਨ੍ਹਾਂ ਦਾ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੂੰ ਅਧਿਕਾਰ ਨਹੀਂ | ਜਥੇਦਾਰ ਤਲਵੰਡੀ ਨੇ ਕਿਹਾ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਫ਼ੈਸਲਾ ਸ਼ਲਾਘਾਯੋਗ ਹੈ | ਜਥੇਦਾਰ ਤਲਵੰਡੀ ਨੇ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਉਚਿੱਤ ਨਹੀਂ ਸੀ, ਕਿਉਂਕਿ ਅਜਿਹਾ ਹੋਣ ਨਾਲ ਕੌਮ ਅੰਦਰ ਆਪਾਧਾਪੀ ਵਾਲਾ ਮਾਹੌਲ ਬਣ ਗਿਆ ਸੀ, ਉਨ੍ਹਾਂ ਕਿਹਾ ਕਿ ਬੇਸ਼ੱਕ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ, ਪਰ ਪੰਥਕ ਮਸਲਿਆਂ ਨੂੰ ਵਿਚਾਰਨ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੀ ਹੈ |