ਸਿੱਧਵਾਂ ਬੇਟ, 15 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਸਿੱਧਵਾਂ ਬੇਟ ਦੇ ਹੌਲਦਾਰ ਗੁਰਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ | ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਆਖਿਆ ਕਿ ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਤੌਰ 'ਤੇ ਕਮਜ਼ੋਰ ਬਣਾ ਦਿੰਦੇ ਹਨ | ਨਸ਼ਿਆਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਕੈਂਸਰ, ਹੈਪੇਟਾਇਟਸ, ਦਿਲ ਦੇ ਰੋਗ, ਗੁਰਦਿਆਂ ਆਦਿ ਦੀਆਂ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਸਰੀਰਕ ਅੰਗਾਂ 'ਤੇ ਬਹੁਤ ਮਾੜਾ ਅਸਰ ਪੈਦਾ ਹੈ | ਇਸ ਲਈ ਤੁਹਾਨੂੰ ਆਪਣੇ ਵਿਦਿਆਰਥੀ ਜੀਵਨ ਵਿਚ ਵਿਚਰਦੇ ਹੋਏ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਹੋਰਾਂ ਨੂੰ ਵੀ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਾਡਾ ਸਮਾਜ ਨਸ਼ਿਆਂ ਤੋਂ ਬਚ ਸਕੇ | ਇਸ ਮੌਕੇ ਸਕੂਲ ਮੁਖੀ ਮੈਡਮ ਕੰਚਨ ਰਾਣੀ, ਚੇਅਰਮੈਨ ਭੁਪਿੰਦਰ ਗੁਪਤਾ ਅਤੇ ਡਾਇਰੈਕਟਰ ਤੇਜਿੰਦਰ ਗੁਪਤਾ ਨੇ ਸਾਂਝ ਕੇਂਦਰ ਸਿੱਧਵਾਂ ਬੇਟ ਵਲੋਂ ਆਏ ਅਧਿਕਾਰੀਆਂ ਦਾ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ 'ਤੇ ਧੰਨਵਾਦ ਕੀਤਾ |