27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਰਾਜਾ ਵੜਿੰਗ ਵਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਮੁੱਦਾ ਪਾਰਲੀਮੈਂਟ 'ਚ ਚੱੁਕਣ ਦਾ ਐਲਾਨ

ਅਜੀਤ ਡੈਸਕ 19-07-2025
ਜਗਰਾਉਂ, 18 ਜੁਲਾਈ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵਲੋਂ ਅਰਬਨ ਅਸਟੇਟਾਂ ਬਣਾਉਣ ਲਈ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦਾ ਸੂਬੇ ਭਰ 'ਚ ਵਿਆਪਕ ਵਿਰੋਧ ਹੋ ਰਿਹਾ ਹੈ | ਸਰਕਾਰ ਵਲੋਂ ਪੂਲਿੰਗ ਪਾਲਸੀ ਅਧੀਨ ਸੂਬੇ ਭਰ 'ਚ 45 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਕਿਸਾਨਾਂ ਤੋਂ ਲੈਣ ਦਾ ਨੋਟੀਫਿਕੇਸ਼ਨ ਕਰ ਕਰ ਰੱਖਿਆ ਹੈ | ਜਿਸ ਦੇ ਖ਼ਿਲਾਫ਼ ਲੈਂਡ ਪੂਲਿੰਗ ਅਧੀਨ ਨੋਟੀਫਾਈ ਹੋਈ ਜ਼ਮੀਨ ਦੇ ਮਾਲਕ ਕਿਸਾਨ, ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਦੇ ਨਾਲ-ਨਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਆਦਿ ਪਾਰਟੀਆਂ ਵਲੋਂ ਡਟਵਾ ਵਿਰੋਧ ਕੀਤਾ ਜਾ ਰਿਹਾ ਹੈ | ਸਰਕਾਰ ਦੀ ਇਸ ਨੀਤੀ ਨੂੰ ਪੰਜਾਬ ਦੇ ਕਿਸਾਨਾਂ ਦਾ ਉਜਾੜਾ ਕਿਹਾ ਜਾ ਰਿਹਾ ਹੈ, ਜਿਸ ਦੇ ਵਿਰੋਧ 'ਚ ਕਾਂਗਰਸ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ 'ਚ ਵੀ ਇਹ ਮੁੱਦਾ ਜ਼ੋਰ ਨਾਲ ਚੁੱਕਿਆ ਗਿਆ ਸੀ ਅਤੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਨੂੰ ਲਾਗੂ ਕਰਨ 'ਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇਹ ਕਿਸਾਨਾਂ ਦਾ ਮੁੱਦਾ ਪਾਰਲੀਮੈਂਟ ਦੇ ਸੈਸ਼ਨ ਦੌਰਾਨ ਚੁੱਕਣ ਦਾ ਐਲਾਨ ਕੀਤਾ ਗਿਆ ਹੈ | ਜਿਸ ਲਈ ਉਨ੍ਹਾਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਸਰਕਾਰ ਵਲੋਂ ਨੋਟੀਫਾਈ ਕੀਤੀ ਜ਼ਮੀਨ ਦੇ ਮਾਲਕ ਕਿਸਾਨਾਂ ਅਤੇ ਉਕਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਆਮ ਇਜਲਾਸ ਸੱਦ ਕੇ ਪਾਏ ਮਤਿਆਂ ਦੀਆਂ ਕਾਪੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਲਈ ਉਨ੍ਹਾਂ ਸਬੰਧਿਤ ਖੇਤਰਾਂ ਦੇ ਕਾਂਗਰਸੀ ਆਗੂਆਂ ਨੂੰ ਖੁਦ ਪਿੰਡ-ਪਿੰਡ ਜਾ ਕੇ ਗ੍ਰਾਮ ਪੰਚਾਇਤਾਂ ਤੋਂ ਮਤੇ ਪ੍ਰਾਪਤ ਕਰਨ ਦੀਆਂ ਡਿਊਟੀਆਂ ਲਾ ਰੱਖੀਆਂ ਹਨ | ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ ਕਾਂਗਰਸੀ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਪਿੰਡ ਮਲਕ, ਜਗਰਾਉਂ ਪੱਤੀ ਮਲਕ, ਅਲੀਗੜ੍ਹ ਅਤੇ ਪੋਨਾ ਦੀਆਂ ਪੰਚਾਇਤਾਂ ਵਲੋਂ ਪਾਏ ਮਤੇ ਇਕੱਠੇ ਕੀਤੇ ਗਏ | ਇਸ ਸਬੰਧੀ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਨੇ ਕਿਹਾ ਕਿ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਕਿਸਾਨਾਂ ਨਾਲ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਆਵਾਜ਼ ਪਾਰਲੀਮੈਂਟ 'ਚ ਚੁੱਕਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਪਾਰਲੀਮੈਂਟ ਹਾਊਸ ਸਾਹਮਣੇ ਕਿਸਾਨਾਂ ਦੀ ਸਹਿਮਤੀ ਬਗੈਰ ਪੰਜਾਬ ਸਰਕਾਰ ਵਲੋਂ ਧੱਕੇ ਨਾਲ ਕਿਸਾਨਾਂ ਤੋਂ ਜ਼ਮੀਨ ਖੋਹਣ ਦਾ ਮੁੱਦਾ ਚੁੱਕਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸਰਪੰਚ ਹਰਦੀਪ ਸਿੰਘ ਅਲੀਗੜ੍ਹ, ਸਾਬਕਾ ਸਰਪੰਚ ਬਲਵੀਰ ਸਿੰਘ ਮਲਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਿਸ਼ਕਾਮ ਸੇਵਾ ਬਿਰਧ ਆਸ਼ਰਮ 'ਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਲਈ ਧਰਨਾ 22 ਨੂੰ -ਦਿਉਲ/ਡੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।