ਜਗਰਾਉਂ, 21 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਸਬਅਰਬਨ ਸਰਕਲ ਲੁਧਿਆਣਾ ਦੀ ਮੀਟਿੰਗ ਜਗਰਾਉਂ ਮੰਡਲ ਵਿਖੇ ਹੋਈ | ਜਿਸ ਵਿਚ ਸਬਅਰਬਨ ਸਰਕਲ ਅਤੇ ਡਵੀਜ਼ਨ ਕਮੇਟੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਟੀ.ਐੱਸ.ਯੂ. ਦੇ ਜ਼ੋਨ ਪ੍ਰਧਾਨ ਦਲਜੀਤ ਸਿੰਘ ਜੱਸੋਵਾਲ ਅਤੇ ਸਰਕਲ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ ਮਿਤੀ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿਚ ਪਾਵਰਕਾਮ ਦੇ ਗੈਸਟ ਹਾਊਸ ਮੁਹਾਲੀ ਵਿਖੇ ਬਿਜਲੀ ਵਿਭਾਗ ਦੀ ਮੈਨੇਜਮੈਂਟ ਤੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਸੀ ਅਤੇ ਇਸ ਦੌਰਾਨ ਕਈ ਮੰਗਾਂ 'ਤੇ ਸਹਿਮਤੀਆਂ ਵੀ ਬਣੀ ਸੀ | ਜਿੰਨ੍ਹਾਂ ਨੂੰ ਲਾਗੂ ਕਰਨ ਲਈ ਪਾਵਰਕਾਮ ਮੈਨੇਜਮੈਂਟ ਵਲੋਂ 10 ਦਿਨ ਦਾ ਸਮਾਂ ਮੰਗਿਆ ਗਿਆ ਸੀ, ਪ੍ਰੰਤੂ ਦੋ ਮਹੀਨੇ ਦੇ ਲਗਭਗ ਸਮਾਂ ਬੀਤ ਜਾਣ 'ਤੇ ਵੀ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ | ਜਿਸ ਕਾਰਨ ਸਮੁੱਚੇ ਬਿਜਲੀ ਮੁਲਾਜ਼ਮਾਂ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ 27 ਜੁਲਾਈ ਨੂੰ ਬਿਜਲੀ ਮੰਤਰੀ ਦੀ ਕੋਠੀ ਅੱਗੇ ਅੰਮਿ੍ਤਸਰ ਵਿਖੇ ਸੂਬਾ ਪੱਧਰੀ ਰੋਹ ਭਰਪੂਰ ਧਰਨਾ ਦਿੱਤਾ ਜਾਵੇਗਾ | ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਸਤ ਦੇ ਪਹਿਲੇ ਹਫਤੇ ਤੋਂ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ 'ਤੇ ਚਲੇ ਜਾਣਗੇ | ਇਸ ਦੌਰਾਨ ਜੇਕਰ ਪੂਰੇ ਪੰਜਾਬ ਅੰਦਰ ਬਲੈਕ ਆਊਟ ਹੁੰਦਾ ਹੈ, ਤਾਂ ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਬੂਟਾ ਸਿੰਘ ਮਲਕ, ਹਰਵਿੰਦਰ ਸਿੰਘ ਸਵੱਦੀ, ਪਰਮਜੀਤ ਸਿੰਘ ਚੀਮਾਂ, ਅਵਤਾਰ ਸਿੰਘ ਕਲੇਰ, ਤਰਲੋਚਨ ਸਿੰਘ ਹਠੂਰ, ਸੁਖਵਿੰਦਰ ਸਿੰਘ ਕਾਕਾ, ਬਲਜੀਤ ਸਿੰਘ, ਕਰਮਜੀਤ ਸਿੰਘ, ਭਰਤ ਲਾਲ, ਭੁਪਿੰਦਰ ਸਿੰਘ ਸੇਖੋਂ, ਜਗਜੀਤ ਸਿੰਘ ਫੋਰਮੈਨ ਆਦਿ ਵੀ ਹਾਜ਼ਰ ਸਨ |