ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਟਰੱਕ ਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਦਾ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ (33) ਪੁੱਤਰ ਮਿਸ਼ਰੀ ਸਿੰਘ ਵਾਸੀ ਸਹਿਜੜਾ (ਬਰਨਾਲਾ), ਜੋ ਰਾਏਕੋਟ ਵਿਖੇ ਪਾਵਰਕਾਮ ਮਹਿਕਮੇ ਵਿਚ ਪ੍ਰਾਈਵੇਟ ਤੌਰ 'ਤੇ ਡਿਊਟੀ ਕਰਦਾ ਹੈ, ਜਦ ਉਹ 20 ਜੁਲਾਈ ਦੀ ਰਾਤ 8:30 ਵਜੇ ਦੇ ਕਰੀਬ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਪਿੰਡ ਜਲਾਲਦੀਵਾਲ ਨਜ਼ਦੀਕ ਪੁੱਜਿਆ ਤਾਂ ਉਸ ਦਾ ਮੋਟਰਸਾਈਕਲ ਟਰੱਕ ਨਾਲ ਟਕਰਾਉਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ | ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਰਾਏਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿਸ ਦੌਰਾਨ ਉਸ ਦੇ ਸੱਟ ਜ਼ਿਆਦਾ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਲਈ ਰੈੱਫ਼ਰ ਕਰ ਦਿੱਤਾ ਗਿਆ | ਇਸ ਘਟਨਾ ਸਬੰਧੀ ਜਦ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਲਖਵੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਆ ਚੁੱਕਾ ਹੈ ਅਤੇ ਪੜਤਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |