ਮਾਛੀਵਾੜਾ ਸਾਹਿਬ, 17 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਛੀਵਾੜਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਗਰਾਂਦ ਦਿਹਾੜੇ ਮੌਕੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ | ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਸ਼ੰਕਰਾ ਆਈ ਹਸਪਤਾਲ ਤੋਂ ਆਈ ਡਾਕਟਰਾਂ ਦੀ ਟੀਮ ਨੇ 250 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ, ਜਿਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ | ਡਾਕਟਰਾਂ ਵਲੋਂ ਮਰੀਜ਼ਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਤੇ ਬਿਮਾਰੀਆਂ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ | ਅੱਜ ਜਾਂਚ ਕਰਵਾਉਣ ਆਏ ਮਰੀਜ਼ਾਂ 'ਚੋਂ 35 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਕੌਰ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਸਮਾਜ ਸੇਵੀ ਪਰਮਜੀਤ ਕੌਰ ਸੈਣੀ ਲੁਬਾਣਗੜ੍ਹ, ਜਗਦੀਪ ਸਿੰਘ ਝੱਜ ਵੀ ਮੌਜੂਦ ਸਨ |