ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਏ ਗਏ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਚੌਪਈ ਸਾਹਿਬ ਜੀ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾਵਾਂ ਅਤੇ ਹੋਰ ਗੁਰਬਾਣੀ ਵਿਚਾਰਾਂ ਕੀਤੀਆਂ ਗਈਆਂ, ਜੋ ਕਿ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਸਨ | ਇਸ ਮੌਕੇ ਪਿ੍ੰਸੀਪਲ ਪੂਨਮ ਸਿੱਧੂ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਗਏ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦੇ ਸਿਧਾਂਤਾਂ ਨੂੰ ਵੀ ਪ੍ਰਪੱਕ ਕਰਵਾਇਆ ਗਿਆ | ਇਸ ਸਮੇਂ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਕਮਾਲਪੁਰਾ ਦੇ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਤ ਸਿੰਘ ਰਾਜਲ, ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ ਅਤੇ ਸੀਨੀਅਰ ਮੈਂਬਰ ਸ਼ੇਰ ਸਿੰਘ ਹੰਸਰਾ ਮੌਜੂਦ ਸਨ | ਇਸ ਮੌਕੇ ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਅਤੇ ਉਨ੍ਹਾਂ ਦੇ ਗੁਰਬਾਣੀ ਸਿਧਾਂਤਾਂ ਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਸਿੱਖਿਆ ਦਿੱਤੀ ਗਈ | ਇਸ ਮੌਕੇ ਸਮੂਹ ਵਿਦਿਆਰਥੀ ਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ |