ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਮਿਹਨਤੀ ਤੇ ਵਫ਼ਾਦਾਰ ਆਗੂਆਂ ਨੂੰ ਬਣਦਾ ਮਾਣ ਦਿੱਤਾ ਹੈ ਤੇ ਨੌਜਵਾਨ ਆਗੂਆਂ ਨੂੰ ਅੱਗੇ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੈਪੀ ਸੇਖੂਪੁਰਾ ਡੁਬਈ ਪੜ੍ਹੇ ਲਿਖੇ ਨੌਜਵਾਨ ਆਗੂ ਹਨ ਤੇ ਹਮੇਸ਼ਾਂ ਹੀ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੇ ਹਨ ਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਈਏ | ਰਾਜਾ ਵੜਿੰਗ ਨੇ ਕਿਹਾ ਕਿ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਵਿਚ ਹਲਕੇ ਦਾਖੇ ਵਿਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ |