ਨਵਾਂਸ਼ਹਿਰ, 15 ਜੁਲਾਈ: (ਜਸਬੀਰ ਸਿੰਘ ਨੂਰਪੁਰ)- ਜ਼ਿਲ੍ਹੇ 'ਚ ਇਕ ਸਰਪੰਚ ਅਤੇ 39 ਪੰਚਾਂ ਦੀਆਂ ਖਾਲੀ ਆਸਾਮੀਆਂ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਬਲਾਕ ਨਵਾਂਸ਼ਹਿਰ ਵਿਖੇ ਇੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਅਵਨੀਤ ਕੌਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਨਵਾਂਸ਼ਹਿਰ ਦੇ ਪਿੰਡ ਨਿਆਮਤਪੁਰ ਦੇ ਵਾਰਡ ਨੰਬਰ 2 ਲਈ ਮੰਗਲਵਾਰ ਨੂੰ ਇੱਕ ਨਾਮਜ਼ਦਗੀ ਪੱਤਰ ਪ੍ਰਾਪਤ ਹੋਇਆ ਹੈ | ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤਾਂ ਦੀਆਂ ਖਾਲੀ ਆਸਾਮੀਆਂ ਭਰਨ ਲਈ ਜਾਰੀ ਸਮਾਂ ਸਾਰਨੀ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋ ਚੁੱਕੀ ਹੈ ਜੋ 17 ਜੁਲਾਈ ਤੱਕ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ ਜਿਨ੍ਹਾਂ ਦੀ ਪੜਤਾਲ 18 ਜੁਲਾਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ 19 ਜੁਲਾਈ ਹੈ | ਉਨ੍ਹਾਂ ਦੱਸਿਆ ਕਿ ਵੋਟਾਂ 27 ਜੁਲਾਈ ਨੂੰ ਪੈਣਗੀਆਂ |