ਨਵਾਂਸ਼ਹਿਰ, 18 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ 'ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲ' (ਲਕਸ਼ਿਆ) ਸਬੰਧੀ ਜ਼ਿਲ੍ਹਾ ਪੱਧਰੀ ਦੋ ਦਿਨਾ ਟ੍ਰੇਨਿੰਗ ਸ਼ੁਰੂ ਹੋਈ | ਜਿਸ 'ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਨੇ ਭਾਗ ਲਿਆ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਟ੍ਰੇਨਿੰਗ 'ਚ ਹਾਜ਼ਰ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਨੂੰ 'ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲ' ਟ੍ਰੇਨਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਕਸ਼ੇ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੰਸਥਾਵਾਂ ਜਣੇਪੇ ਲਈ ਲੇਬਰ ਰੂਮ ਤੇ ਆਪ੍ਰੇਸ਼ਨ ਥੀਏਟਰ 'ਚ ਦਿੱਤੀਆਂ ਜਾਂਦੀਆਂ ਸੇਵਾਵਾਂ 'ਚ ਹੋਰ ਸੁਧਾਰ ਲਿਆਉਣ ਦੇ ਨਾਲ-ਨਾਲ ਬਿਹਤਰ ਜੱਚਾ-ਬੱਚਾ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਜਣੇਪੇ ਸਮੇਂ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਜ਼ੋਖਮ ਨੂੰ ਘਟਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ ਹੈ | ਸਿਵਲ ਸਰਜਨ ਨੇ ਦੱਸਿਆ ਕਿ ਲਕਸ਼ੇ ਪ੍ਰੋਗਰਾਮ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡ ਦੇ ਮਾਪਦੰਡਾਂ 'ਤੇ ਆਧਾਰਿਤ ਹੈ | ਉਨ੍ਹਾਂ ਟ੍ਰੇਨਿੰਗ ਲੈਣ ਆਏ ਮੈਡੀਕਲ ਅਫਸਰਾਂ ਤੇ ਸਟਾਫ਼ ਨਰਸਾਂ ਨੂੰ ਸੁਰੱਖਿਅਤ ਜਣੇਪੇ ਲਈ ਲਕਸ਼ੇ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਕਿਹਾ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਜਣੇਪੇ ਦੌਰਾਨ ਮਾਤਰੀ ਮੌਤ ਦਰ ਅਤੇ ਜਣੇਪੇ ਤੋਂ ਬਾਅਦ ਬੱਚੇ ਦੀ ਮੌਤ ਦਰ ਘਟਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਟ੍ਰੇਨਿੰਗ ਵਿਚ ਗਾਇਨੀਕੋਲੋਜਿਸਟ ਡਾ. ਮੋਨਿਕਾ ਜੈਨ ਨੇ ਟ੍ਰੇਨਿੰਗ ਵਿਚ ਸ਼ਾਮਲ ਉਮੀਦਵਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਏ. ਐੱਚ. ਏ ਪੂਜਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |