ਮਜਾਰੀ/ਸਾਹਿਬਾ, 19 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਨਵਰੀਤ ਕੌਰ ਪੀ. ਐੱਚ. ਸੀ ਸੜੋਆ ਦੀ ਯੋਗ ਅਗਵਾਈ ਹੇਠ ਪਿੰਡ ਸਾਹਧੜਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ ਬੁਖਾਰ ਦੇ ਬਚਾਅ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ | ਉਹਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ | ਡੇਂਗੂ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦੀਆਂ ਦੱਸਿਆ ਕਿ ਇਸ ਵਿੱਚ ਬੁਖਾਰ ਹੋਣਾ, ਸਿਰ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਹੋਣਾ, ਜੀ ਕੱਚਾ ਹੋਣਾ, ਉਲਟੀਆਂ ਆਉਣੀਆਂ, ਮਾਸਪੇਸ਼ੀਆਂ ਅਤੇ ਜੋੜਾਂ 'ਚ ਦਰਦ ਹੋਣਾ, ਹਾਲਤ ਖਰਾਬ ਹੋਣ 'ਤੇ ਨੱਕ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਹੋ ਸਕਦੇ ਹਨ | ਇਸ ਤੋਂ ਬਚਾ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ | ਗਮਲਿਆਂ ਵਿੱਚ ਪਾਣੀ ਜਰੂਰਤ ਅਨੁਸਾਰ ਪਾਓ ਪਸ਼ੂਆਂ ਨੂੰ ਪਾਣੀ ਪਿਲਾਉਣ ਵਾਲੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ | ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਚੰਗੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਤੁਹਾਨੂੰ ਕੱਟ ਨਾ ਸਕੇ | ਇਸ ਮੌਕੇ 'ਤੇ ਡੇਂਗੂ ਸਰਵੇ ਕਰ ਰਹੀ ਟੀਮ ਨੇ ਸਕੂਲ ਵਿੱਚ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਲਾਰਵਾ ਮਿਲਣ ਉਪਰੰਤ ਬੱਚਿਆਂ ਨੂੰ ਅਤੇ ਅਧਿਆਪਕਾ ਨੂੰ ਡੇਂਗੂ ਦੇ ਲਾਰਵੇ ਸਬੰਧੀ ਜਾਣਕਾਰੀ ਦਿੱਤੀ ਗਈ | ਆਪਣੇ ਘਰਾਂ ਵਿੱਚ ਧਿਆਨ ਦੇਣ ਲਈ ਕਿਹਾ ਗਿਆ ਅਤੇ ਘਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ ਪ੍ਰੇਰਿਤ ਕੀਤਾ, ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਸਕੂਲ ਅਧਿਆਪਕ ਅਤੇ ਮਲਟੀਪਰਪਜ਼ ਹੈਲਥ ਵਰਕਰ ਓਾਕਾਰ ਸਿੰਘ, ਆਸ਼ਾ ਸੁਪਰਵਾਇਜਰ ਪੁਸ਼ਪਿੰਦਰ ਕੌਰ, ਆਸ਼ਾ ਵਰਕਰ, ਬਰੀਡਿੰਗ ਚੈੱਕਰ ਪਰਮਵੀਰ, ਆਂਗਣਵਾੜੀ ਵਰਕਰ ਹਾਜ਼ਰ ਸਨ |