ਗੁਣਾਚੌਰ, 20 ਜੁਲਾਈ (ਅਮਰੀਕ ਕਟਾਰੀਆ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਅਭਿਆਨ ਚਲਾਇਆ ਜਾ ਰਿਹਾ ਹੈ | ਜਿਸ ਤਹਿਤ ਬਲਾਕ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ 'ਚ ਓ.ਆਰ.ਐਸ. ਕਾਰਨਰ ਸਥਾਪਤ ਕੀਤੇ ਗਏ ਹਨ, ਜਿੱਥੇ ਘਰ-ਘਰ ਜਾ ਕੇ ਆਸ਼ਾ ਵਰਕਰਾਂ ਵਲੋਂ ਬੱਚਿਆਂ ਨੂੰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ | ਇਸ ਅਭਿਆਨ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਹੈ | ਜਾਣਕਾਰੀ ਦਿੰਦਿਆਂ ਐਸ. ਐਮ. ਓ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਮਾਪਿਆਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ, ਸਾਫ਼ ਸਫ਼ਾਈ ਦਾ ਖਾਸ ਖਿਆਲ ਰੱਖਣ, ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ 'ਚ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ, ਬਾਹਰ ਦਾ ਖਾਣਾ ਨਾ ਖਾਣ ਅਤੇ ਪੀਣ ਲਈ ਸਾਫ਼ ਜਾਂ ਫੇਰ ਉਬਲਿਆ ਪਾਣੀ ਹੀ ਵਰਤਣ, ਨਾਲ ਹੀ ਆਸ਼ਾ ਵਰਕਰਾਂ ਵੱਲੋਂ ਪਿੰਡ ਦੇ ਲੋਕਾਂ ਨੂੰ ਓ.ਆਰ.ਐਸ. ਦਾ ਘੋਲ ਬਨਾਉਣ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਹਰਪ੍ਰੀਤ ਸਿੰਘ, ਐਲ. ਐਚ. ਵੀ, ਏ. ਐਨ. ਐਮ, ਹੈਲਥ ਵਰਕਰ ਅਤੇ ਆਸ਼ਾ ਵਰਕਰ ਮੌਜੂਦ ਸਨ |