ਨਵਾਂਸ਼ਹਿਰ, 20 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ 'ਸਟਾਪ ਐਪੀਲੈਪਸੀ ਪ੍ਰੋਜੈਕਟ' ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਨਵਾਂਸ਼ਹਿਰ ਦੇ ਇਕ ਹੋਟਲ ਵਿਖੇ ਡਾਕਟਰਾਂ ਦੀ ਦੂਜੀ ਸੀ.ਐੱਮ.ਈ. ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸਮੇਤ ਡਾ. ਗਗਨਦੀਪ ਸਿੰਘ, ਡਾ. ਪਰਮਪ੍ਰੀਤ ਸਿੰਘ ਖਰਬੰਦਾ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ ਸਮੇਤ ਦੂਸਰੇ ਪਤਵੰਤਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਿਤ ਤੰਤੂ ਪ੍ਰਣਾਲੀ ਦਾ ਇੱਕ ਵਿਗਾੜ ਹੈ | ਇਹ ਪ੍ਰੋਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ | ਉਨ੍ਹਾਂ ਨੇ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖ਼ਤਰਾ ਵੱਧ ਸਕਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਹੀ ਇਲਾਜ ਨਾਲ ਮਿਰਗੀ ਦੇ 70 ਫੀਸਦੀ ਮਰੀਜ਼ਾਂ ਦੀ ਤਿੰਨ ਤੋਂ ਪੰਜ ਸਾਲ ਤੱਕ ਦਵਾਈ ਬੰਦ ਹੋ ਜਾਂਦੀ ਹੈ | ਇਸ ਮੌਕੇ ਪੀ.ਜੀ.ਆਈ. ਚੰਡੀਗੜ੍ਹ ਦੇ ਨਿਊਰੋਲੋਜੀ ਵਿਭਾਗ ਦੇ ਪ੍ਰੋਫੈਸਰ ਡਾ. ਪਰਮਪ੍ਰੀਤ ਸਿੰਘ ਖਰਬੰਦਾ ਨੇ ਦੱਸਿਆ ਕਿ ਮਿਰਗੀ ਦੀ ਬਿਮਾਰੀ ਦਿਮਾਗ ਵਿੱਚ ਟਿਊਮਰ ਦਾ ਹੋਣਾ, ਸਿਰ ਦੀ ਸੱਟ ਜਾਂ ਦਿਮਾਗੀ ਤਪਦਿਕ, ਦਿਮਾਗੀ ਤਣਾਅ, ਦਿਮਾਗੀ ਸੋਜਿਸ਼, ਦਿਮਾਗੀ ਲਹੂ ਨਾੜੀਆਂ ਦੇ ਨੁਕਸ, ਮੰਦਬੁੱਧੀ ਹੋਣਾ, ਦਿਮਾਗ ਵਿੱਚ ਲਾਗ ਦਾ ਹੋਣਾ, ਸ਼ਰਾਬ ਤੇ ਤੇਜ਼ ਦਵਾਈਆਂ ਕਾਰਨ ਵੀ ਹੋ ਸਕਦੀ ਹੈ | ਮਿਰਗੀ ਦੀ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ | ਡਾ. ਖਰਬੰਦਾ ਨੇ ਇਹ ਵੀ ਕਿਹਾ ਕਿ ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਬਹੁਤ ਸਾਰੇ ਭਰਮ-ਮਿੱਥਾਂ ਅਤੇ ਗਲਤ ਧਾਰਨਾਵਾਂ ਹਨ, ਜਿਸਦੇ ਚੱਲਦਿਆਂ ਉਹ ਡਾਕਟਰੀ ਇਲਾਜ ਅੱਧ ਵਿਚਾਲੇ ਛੱਡ ਦਿੰਦੇ ਹਨ | ਅਜਿਹੇ ਵਿਚ ਇਹ ਬਿਮਾਰੀ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮਿਰਗੀ ਦੀ ਬਿਮਾਰੀ ਦੇ ਕੇਸਾਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਚੱਲ ਰਹੇ 'ਸਟਾਪ ਐਪੀਲੈਪਸੀ ਪ੍ਰੋਜੈਕਟ' ਲਈ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਵਿੱਚ ਮਿਰਗੀ ਤੋਂ ਪੀੜਤ ਲੋਕਾਂ ਦੀ ਘਰ-ਘਰ ਜਾ ਕੇ ਪਛਾਣ ਕੀਤੀ ਜਾ ਰਹੀ ਹੈ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ 'ਸਟਾਪ ਐਪੀਲੈਪਸੀ ਪ੍ਰੋਜੈਕਟ' ਦੇ ਰਿਸਰਚ ਐਸੋਸੀਏਟ ਡਾ. ਸਰਿਸ਼ਟੀ ਵਰਮਾ, ਕਲੀਨੀਕਲ ਰਿਸਰਚ ਟ੍ਰੇਨਿੰਗ ਫੈਲੋ ਉਤਪਲ ਗਗੋਈ ਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫਸਰ ਅਤੇ ਹੋਰ ਅਧਿਕਾਰੀ ਮੌਜਦ ਸਨ |