ਕਾਠਗੜ੍ਹ, 21 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਜਥੇਦਾਰ ਸੁਰਜੀਤ ਸਿੰਘ ਦੁਭਾਲੀ ਨੇ ਸੂਬਾ ਸਰਕਾਰ ਵਲੋਂ ਬੇਅਦਬੀਆਂ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ, ਪ੍ਰੰਤੂ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤਿ ਗੁਰੂ ਹਨ | ਇਸ ਲਈ ਸੂਬਾ ਸਰਕਾਰ ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਇੱਕ ਵੱਖਰਾ ਕਾਨੂੰਨ ਬਣਾਵੇ | ਜਥੇਦਾਰ ਦੁਭਾਲੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਜਾਣ ਵਾਲੇ ਕਾਨੂੰਨ ਸਬੰਧੀ ਸੂਬਾ ਸਰਕਾਰ ਨੂੰ ਸਿੱਖ ਪੰਥ ਦੀ ਨੁਮਾਇੰਦਾ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ |