ਨਵਾਂਸ਼ਹਿਰ, 21 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ, ਯੂਵਿਨ ਤੇ ਈਵਿਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਐੱਲ.ਐੱਚ.ਵੀਜ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ ਲਈ ਹੈੱਡਕਾਊਾਟ ਸਰਵੇ, ਨਿਯਮਤ ਟੀਕਾਕਰਨ ਲਈ ਮਾਈਕ੍ਰੋਪਲਾਨ, ਡਿਊਲਿਸਟਾਂ ਅਤੇ ਸੰਚਾਰ ਕਾਰਜ ਯੋਜਨਾ ਨੂੰ ਬਿਹਤਰ ਢੰਗ ਨਾਲ ਤਿਆਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਡਾ. ਸਿੰਘ ਨੇ ਜ਼ਿਲ੍ਹੇ ਵਿੱਚ ਨਿਯਮਤ ਟੀਕਾਕਰਨ ਦੇ ਕੰਮਕਾਜ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਤ ਟੀਕਾਕਰਨ ਨੂੰ ਹੋਰ ਅਸਰਦਾਰ ਕੀਤਾ ਜਾਵੇ, ਜਿਸ ਵਿੱਚ 100 ਫੀਸਦੀ ਟੀਕਾਕਰਨ ਲਈ ਹੈੱਡਕਾਊਾਟ ਸਰਵੇ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਦੱਸਿਆ ਕਿ ਨਿਯਮਤ ਟੀਕਾਕਰਨ ਪ੍ਰੋਗਰਾਮ ਅਧੀਨ ਪੋਲੀਓ, ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ | ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਿਯਮਤ ਟੀਕਾਕਰਨ ਪ੍ਰੋਗਰਾਮ ਤਹਿਤ 100 ਫੀਸਦ ਟੀਕਾਕਰਨ ਦੇ ਟੀਚੇ ਦੀ ਮੁਕੰਮਲ ਪ੍ਰਾਪਤੀ ਲਈ ਦਿ੍ੜ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਤੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮਿ੍ਤਪਾਲ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |