ਮੁਕੰਦਪੁਰ, 20 ਨਵੰਬਰ (ਅਮਰੀਕ ਸਿੰਘ ਢੀਡਸਾ)-ਪਿੰਡ ਰਟੈਂਡਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪ੍ਰਸਿੱਧ ਢਾਡੀ ਸੁਖਵਿੰਦਰ ਸਿੰਘ ਮੰਢਾਲੀ ਦੇ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹੀਦੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸਾਨੀ ਕੁਰਬਾਨੀ ਨੇ ਦੇਸ਼ ਅੰਦਰ ਕੌਮੀ ਜਜ਼ਬਾ ਭਰਿਆ | ਉਹਨਾਂ ਆਖਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਤੋਂ ਬਾਅਦ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ ਲਈ ਖਾਲਸਾ ਪੰਥ ਦੀ ਸਾਜਨਾ ਕਰਕੇ ਸਿੱਖ ਕੌਮ ਨੂੰ ਇੱਕ ਮੁੱਠ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ, ਰਣਜੀਤ ਸਿੰਘ ਸੈਕਟਰੀ, ਲਖਵਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |