ਬਹਿਰਾਮ, 20 ਨਵੰਬਰ (ਸਰਬਜੀਤ ਸਿੰਘ ਰਾਣਾ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ 21 ਨਵੰਬਰ ਦਿਨ ਸ਼ੁੱਕਰਵਾਰ ਤੋਂ ਆਰੰਭ ਕੀਤੇ ਜਾਣਗੇ | ਸਮੂਹ ਸਾਧ ਸੰਗਤ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਨਿਸ਼ਾਨ ਸਾਹਿਬ ਚੜ੍ਹਾਏ ਜਾਣਗੇ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | 22 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾਵੇਗੀ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋਵੇਗਾ ਜੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪਹੁੰਚੇਗਾ | ਉਪਰੰਤ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚ ਕੇ ਸਮਾਪਤੀ ਕਰੇਗਾ | 23 ਨਵੰਬਰ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ, ਪ੍ਰਧਾਨ ਮਨਜੀਤ ਸਿੰਘ ਮੰਡੇਰ ਅਤੇ ਐਨ.ਆਰ.ਆਈ ਵੀਰਾਂ ਦਾ ਵਿਸ਼ੇਸ਼ ਸਹਿਯੋਗ ਹੋਵੇਗਾ | ਤਿੰਨ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |