ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਗਿਆ ਹੈ, ਇਸ ਦੇ ਨਾਲ ਹੁਣ ਬੇਅਦਬੀ ਕਰਨ ਵਾਲੇ ਕਾਨੂੰਨ ਦੀ ਗਿ੍ਫ਼ਤ ਤੋ ਬਚ ਨਹੀਂ ਸਕਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਹੁੰਦੀਆਂ ਆ ਰਹੀਆਂ ਹਨ ਤੇ ਪੰਜਾਬ ਸਰਕਾਰ ਵਲੋਂ ਉਕਤ ਘਟਨਾਵਾਂ 'ਤੇ ਰੋਕ ਲਗਾਉਣ ਲਈ ਸਖ਼ਤ ਕਾਨੂੰਨ ਬਣਾਇਆ ਗਿਆ ਹੈ ਜਿਸ ਨੂੰ ਕੈਬਨਿਟ ਵਲੋਂ ਮਨਜ਼ੂਰੀ ਮਿਲ ਗਈ ਹੈ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਨਾਲ ਧਾਰਮਿਕ ਗ੍ਰੰਥਾਂ ਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਹੋਵੇਗੀ ਅਤੇ ਬੇਅਦਬੀ ਦੇ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ, ਜਿਸ ਦੇ ਨਾਲ ਬੇਅਦਬੀ ਦੇ ਮਾਮਲਿਆਂ ਵਿਚ ਜਲਦੀ ਫ਼ੈਸਲੇ ਹੋਣਗੇ | ਇੱਥੇ ਹੀ ਬੱਸ ਨਹੀਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਨਹਿਰੀ ਪਾਣੀ ਨੂੰ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ, ਉੱਥੇ ਹੀ ਸਿੱਖਿਆ ਕ੍ਰਾਂਤੀ ਚਲਾ ਕੇ ਸਕੂਲਾਂ ਦੀ ਹਾਲਤ ਨੂੰ ਬਿਹਤਰ ਬਣਾਇਆ ਗਿਆ ਹੈ | ਜਿਸ ਦੀ ਬਦੌਲਤ ਸੂਬੇ ਦੇ ਸਰਕਾਰੀ ਸਕੂਲ ਭਾਰਤ ਦੇ ਵਿਚੋਂ ਪਹਿਲੇ ਨੰਬਰ ਤੇ ਆਏ ਹਨ | ਸਰਕਾਰ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਦੇਖਦਿਆਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹੁਣ ਸੂਬਾ ਰੰਗਲਾ ਸੂਬਾ ਬਣਨ ਲਈ ਅੱਗੇ ਵਧ ਰਿਹਾ ਹੈ |