ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 16 ਜੁਲਾਈ (ਮੌਦਗਿਲ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਅਤੇ ਕਮਿਊਨਿਟੀ ਹੈਲਥ ਸੈਂਟਰ (ਸੀ. ਐੱਚ. ਸੀ) ਬਸੀ ਪਠਾਣਾਂ ਦੇ ਦੌਰੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਰਕਾਰੀ ਸਿਹਤ ਸੰਸਥਾਵਾਂ 'ਚ ਸੁਧਾਰ ਕਰਕੇ ਆਮ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਬਚਾਅ ਰਹੀ ਹੈ | ਉਪ ਚੇਅਰਮੈਨ ਨੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖ ਮੰਤਰੀ ਹੈਲਥ ਬੀਮਾ ਯੋਜਨਾ ਸ਼ੁਰੂ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਜਿਨ੍ਹਾਂ 'ਚ ਪਹਿਲਾਂ ਓ.ਪੀ.ਡੀ., ਦਵਾਈਆਂ ਅਤੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ, ਵਿਖੇ ਹੁਣ ਗਰਭਵਤੀ ਔਰਤਾਂ ਦੀ ਸਿਹਤ ਸਾਂਭ-ਸੰਭਾਲ ਦੀਆਂ ਸੇਵਾਵਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਉਪ ਚੇਅਰਮੈਨ ਵਿੱਕੀ ਘਨੌਰ ਨੇ ਕਿਹਾ ਕਿ ਪੰਜਾਬ 'ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੀ ਮੁਹਿੰਮ ਵੀ ਪੰਜਾਬ ਸਰਕਾਰ ਦੀ ਅਹਿਮ ਪ੍ਰਾਪਤੀ ਹੈ ਜਿਸ ਤਹਿਤ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ 'ਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ |