ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਹੋਈ
ਅਜੀਤ ਡੈਸਕ
17-07-2025
ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪ੍ਰਾਇਮਰੀ ਪੱਧਰ ਤੋਂ ਹੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਸਬੰਧੀ ਹਲਕੇ ਦੇ ਵਿਧਾਇਕ ਨਾਲ ਤਾਲਮੇਲ ਵੀ ਕੀਤਾ ਜਾਵੇ ਅਤੇ ਕਰਵਾਏ ਜਾ ਰਹੇ ਕੰਮਾਂ ਬਾਰੇ ਮੁਕੰਮਲ ਰਿਪੋਰਟ ਵਿਧਾਇਕ ਨੂੰ ਭੇਜੀ ਜਾਵੇ | ਡਾ. ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਪੜ੍ਹ ਰਹੇ 36237 ਬੱਚਿਆਂ ਨੂੰ 1 ਕਰੋੜ 99 ਲੱਖ 40 ਹਜ਼ਾਰ ਰੁਪਏ ਖ਼ਰਚ ਕੇ ਮਿਡ ਡੇਅ ਮੀਲ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ | ਸਮੱਗਰਾ ਅਭਿਆਨ/ਪੀ.ਐਮ. ਸ੍ਰੀ ਤਹਿਤ ਪ੍ਰੀ. ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ 40756 ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ 2 ਕਰੋੜ 44 ਲੱਖ 53 ਹਜ਼ਾਰ 600 ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਨੂੰ ਸਮੇਂ ਸਿਰ ਵਰਦੀਆਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ | ਡੀ.ਸੀ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿਚ ਇਕ ਜ਼ਿਲ੍ਹਾ ਪੱਧਰ ਅਤੇ 26 ਕਲਸਟਰ ਪੱਧਰ 'ਤੇ ਰਿਸੋਰਸ ਸੈਂਟਰ ਚਲਾਏ ਜਾ ਰਹੇ ਹਨ | ਜਿਨ੍ਹਾਂ 'ਚ ਵਿਸ਼ੇਸ਼ ਲੋੜਾਂ ਵਾਲੇ 262 ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਰਹੀ ਹੈ | ਇਸ ਤੋਂ ਇਲਾਵਾ ਸਕੂਲਾਂ ਤੱਕ ਨਾ ਆ ਸਕਣ ਵਾਲੇ 98 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਘਰਾਂ ਵਿਚ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 28 ਅਪ੍ਰੈਲ ਤੋਂ 21 ਮਈ ਤੱਕ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸ਼ਨਾਖ਼ਤ ਕਰਨ ਲਈ ਕੀਤੇ ਗਏ ਸਰਵੇ ਵਿਚ 54 ਨਵੇਂ ਬੱਚਿਆਂ ਦੀ ਸ਼ਨਾਖ਼ਤ ਵੀ ਕੀਤੀ ਗਈ ਜਿਨ੍ਹਾਂ ਨੂੰ ਸਕੂਲਾਂ ਵਿਚ ਪੜ੍ਹਾਈ ਨਾਲ ਜੋੜਿਆ ਗਿਆ ਹੈ | ਡਾ. ਸੋਨਾ ਥਿੰਦ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕੰਮਾਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਤਕਨੀਕੀ ਵਿੰਗ ਦੇ ਅਧਿਕਾਰੀਆਂ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਸਕੂਲਾਂ ਵਿਚ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਨਾਲ ਰਾਬਤਾ ਬਣਾਉਣ ਲਈ ਸਮੇਂ-ਸਮੇਂ ਸਕੂਲਾਂ ਦਾ ਦੌਰਾ ਕੀਤਾ ਜਾਵੇ | ਉਨ੍ਹਾਂ ਮੀਟਿੰਗ ਵਿਚ ਗੈਰ ਹਾਜ਼ਰ ਰਹੇ ਕਮੇਟੀ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ ਵੀ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੀਦਾਰ ਸਿੰਘ ਮਾਂਗਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਕਮਲਦੀਪ ਕੌਰ, ਕਮੇਟੀ ਮੈਂਬਰ ਗੁਰਵਿੰਦਰ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |