ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਰਵਿੰਦਰ ਮੌਦਗਿਲ)-ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਦੀ ਅਹਿਮ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਖਮਾਣੋਂ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ ਜਿਸ ਵਿਚ ਹਾਜ਼ਰ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਰਾਖਵਾਂਕਰਨ ਅਤੇ ਯਾਦਗਾਰੀ ਪੱਥਰਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ | ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਸੁਤੰਤਰਤਾ ਸੈਨਾਨੀਆਂ ਦੇ ਯਾਦਗਾਰੀ ਪੱਥਰ ਉਨ੍ਹਾਂ ਦੇ ਪਿੰਡਾਂ ਵਿਚ ਲਗਾਉਣਾ ਸਰਕਾਰ ਦਾ ਸ਼ਲਾਘਾਯੋਗ ਉੱਦਮ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੁਤੰਤਰਤਾ ਸੈਨਾਨੀਆਂ ਦੇ ਯਾਦਗਾਰੀ ਪੱਥਰ ਉਨ੍ਹਾਂ ਦੇ ਪਿੰਡਾਂ ਵਿਚ ਨਹੀਂ ਲੱਗੇ ਹਨ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਲਗਾਏ ਜਾਣ ਦੀ ਅਪੀਲ ਕੀਤੀ ਗਈ ਹੈ | ਇਸ ਤੋਂ ਇਲਾਵਾ ਜੇਕਰ ਕਿਸੇ ਸੁਤੰਤਰਤਾ ਸੈਨਾਨੀ ਦੇ ਪਰਿਵਾਰ ਨੂੰ ਕੋਈ ਸਮੱਸਿਆ ਹੈ, ਉਹ ਵੀ 15 ਅਗਸਤ ਤੋਂ ਪਹਿਲਾਂ ਨੋਟ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ ਜਾ ਸਕੇ | ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਨੌਕਰੀਆਂ ਵਿਚ 5 ਫ਼ੀਸਦੀ ਰਾਖਵਾਂਕਰਨ ਦੀ ਸਹੂਲਤ ਦਿੱਤੀ ਹੋਈ ਸੀ ਜਿਸ ਨੂੰ ਘਟਾ ਕੇ 1 ਫ਼ੀਸਦੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਥੇਬੰਦੀ ਨੌਕਰੀਆਂ ਵਿਚ 5 ਫ਼ੀਸਦੀ ਰਾਖਵਾਂਕਰਨ ਮੁੜ ਤੋਂ ਲਾਗੂ ਕਰਨ ਦੀ ਮੰਗ ਕਰਦੀ ਹੈ | ਮੀਟਿੰਗ ਵਿਚ ਮੀਤ ਪ੍ਰਧਾਨ ਭਿੰਦਰ ਸਿੰਘ, ਬਲਾਕ ਪ੍ਰਧਾਨ ਤਰਲੋਚਨ ਸਿੰਘ ਖਮਾਣੋਂ, ਸੁਤੰਤਰਦੀਪ ਸਿੰਘ ਬਲਾਕ ਪ੍ਰਧਾਨ ਅਮਲੋਹ, ਹਰਭਜਨ ਸਿੰਘ ਬਲਾਕ ਪ੍ਰਧਾਨ ਬਸੀ ਪਠਾਣਾਂ, ਅਮਰਿੰਦਰ ਸਿੰਘ ਬਲਾਕ ਪ੍ਰਧਾਨ ਖੇੜਾ, ਜਨਰਲ ਸਕੱਤਰ ਬਖਸ਼ੀਸ਼ ਸਿੰਘ, ਖ਼ਜ਼ਾਨਚੀ ਸਰਬਜੀਤ ਸਿੰਘ ਕਾਲੇਵਾਲ ਝੱਲੀਆਂ, ਅਮਰੀਕ ਸਿੰਘ, ਗੁਰਮੀਤ ਸਿੰਘ, ਇਕਬਾਲ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ, ਸੁਦੇਸ਼ ਰਾਣੀ ਹਾਜ਼ਰ ਸਨ |