ਜਖ਼ਵਾਲੀ, 17 ਜੁਲਾਈ (ਨਿਰਭੈ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅਹਿਮ ਹਿੱਸੇ ਵਜੋਂ ਨਸ਼ਾ ਮੁਕਤੀ ਯਾਤਰਾ ਦੂਜੇ ਪੜਾਅ ਵਿਚ ਪੁੱਜ ਗਈ ਹੈ | ਇਸੇ ਕੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਕਈ ਪਿੰਡਾਂ ਵਿਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਾਬਿਤ ਕੀਤਾ ਹੈ ਕਿ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਜਨ ਸਮੂਹ, ਨਸ਼ਾ ਤਸਕਰਾਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਦਾ ਸਹਿਯੋਗ ਦੇ ਰਿਹਾ ਹੈ | ਉਨ੍ਹਾਂ ਅੱਜ ਪਿੰਡ ਪੰਜੋਲਾ, ਬਹਿਲੋਲਪੁਰ, ਪੋਲਾ ਤੇ ਮੀਆਂਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ | ਵਿਧਾਇਕ ਸ. ਰਾਏ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ 'ਤੇ ਪਿੰਡਾਂ ਵਿਚ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ ਅਤੇ ਲੋਕਾਂ ਤੋਂ ਮਿਲੀ ਫੀਡ ਬੈਕ ਦੇ ਆਧਾਰ 'ਤੇ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੌ ਫ਼ੀਸਦੀ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਪਿੰਡ ਨੂੰ ਨਸ਼ਿਆਂ ਦੀ ਮਾਰੂ ਸਮਾਜਿਕ ਬੁਰਾਈ ਤੋਂ ਬਚਾਉਣਾ ਹੈ ਅਤੇ ਇਹ ਮੁਹਿੰਮ ਤੇਜ਼ੀ ਨਾਲ ਸਫਲਤਾ ਵੱਲ ਵਧ ਰਹੀ ਹੈ | ਇਸ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ | ਇਸ ਦੌਰਾਨ ਸਬੰਧਿਤ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਵਲੋਂ ਵਿਧਾਇਕ ਐਡਵੋਕੇਟ ਰਾਏ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਰਿਆਂ ਨੂੰ ਨਸ਼ੇ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ | ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪਸਿਖਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ |