ਅਮਲੋਹ, 19 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਭਰ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਮਲੋਹ ਦੇ ਵਾਰਡ ਨੰਬਰ-8 ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਵਿਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਸ਼ਾ ਮੁਕਤੀ ਯਾਤਰਾ ਅਧੀਨ ਵਾਰਡਾਂ ਵਿਚ ਕਾਰਜਸ਼ੀਲ ਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਗ਼ਲਤ ਸੰਗਤ ਵਿਚ ਪੈ ਕੇ ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਵੀ ਸਰਗਰਮ ਪੱਧਰ 'ਤੇ ਉਪਰਾਲੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਇਸ ਮੌਕੇ ਉਨ੍ਹਾਂ ਨੇ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ | ਉਨ੍ਹਾਂ ਨੇ ਵਾਰਡ ਦੇ ਵਸਨੀਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਦਿਵਾਇਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਮੀਤ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਭੁਪਿੰਦਰ ਸਿੰਘ ਮਿੰਟੂ, ਰਣਜੀਤ ਸਿੰਘ ਪਨਾਗ, ਮੋਨੀ ਪੰਡਤ, ਸਨੀ ਮਾਹੀ, ਪਾਲੀ ਅਰੋੜਾ, ਰਣਧੀਰ ਸਿੰਘ ਨਰਾਇਣਗੜ੍ਹ, ਅਮਰਜੀਤ ਸਿੰਘ ਧੀਮਾਨ, ਜਗਦੇਵ ਸਿੰਘ, ਗਗਨਦੀਪ ਸਿੰਘ ਤੋਂ ਇਲਾਵਾ ਵਾਰਡ ਵਾਸੀ ਮੌਜੂਦ ਸਨ |