ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਰਵਿੰਦਰ ਮੌਦਗਿਲ)-ਲੈਂਡ ਪੂਲਿੰਗ ਦੇ ਨਾਂਅ 'ਤੇ ਕਿਸਾਨਾਂ ਦੀ ਜ਼ਮੀਨ ਜਬਰਨ ਖੋਹਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕਾਂਗਰਸ ਪਾਰਟੀ ਦਾ ਸਾਹਮਣਾ ਕਰਨਾ ਹੋਵੇਗਾ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਪੰਜਾਬ ਕਾਂਗਰਸ ਵਲੋਂ ਲੈਂਡ ਪੂਲਿੰਗ ਸਕੀਮ ਖ਼ਿਲਾਫ਼ ਗਮਾਡਾ ਦਫ਼ਤਰ ਮੋਹਾਲੀ ਦੇ ਬਾਹਰ ਰੋਸ ਵਿਖਾਵੇ ਵਿਚ ਸ਼ਾਮਿਲ ਹੋਣ ਸਮੇਂ ਕੀਤਾ | ਉਨ੍ਹਾਂ ਲੈਂਡ ਪੂਲਿੰਗ ਸਕੀਮ ਅਤੇ ਇਸ ਨੂੰ ਲਿਆਉਣ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਸ. ਨਾਗਰਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਦੀ ਰਜ਼ਾਮੰਦੀ ਤੋਂ ਬਿਨਾਂ ਲੈਣਾ ਸੰਵਿਧਾਨ ਤੇ ਲੋਕਤੰਤਰ ਦੋਵਾਂ ਦੀ ਉਲੰਘਣਾ ਹੈ | ਉਨ੍ਹਾਂ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਤੇ ਕਾਰਪੋਰੇਟ ਪ੍ਰੇਰਿਤ ਦੱਸਿਆ ਹੈ | ਸਾਬਕਾ ਵਿਧਾਇਕ ਨੇ ਕਿਹਾ ਕਿ ਸਾਡੀ ਜ਼ਮੀਨ ਸਾਡੀ ਮਾਂ ਹੈ, ਇਸ ਦੀ ਰਾਖੀ ਦੀ ਲੜਾਈ, ਫ਼ਸਲਾਂ ਤੇ ਨਸਲਾਂ ਬਚਾਉਣ ਦੀ ਵੀ ਹੈ | ਜਿਸ ਦੇ ਲਈ ਅਸੀਂ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ ਤੇ ਇਸ ਮਾਮਲੇ ਵਿਚ ਵੀ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਸਾਬਕਾ ਵਿਧਾਇਕ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੀ ਧੱਕੇਸ਼ਾਹੀ ਨਾ ਰੋਕੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰ, ਆਗੂ ਤੇ ਵਰਕਰ ਹਾਜ਼ਰ ਸਨ |