ਅਮਲੋਹ, 21 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸੌਂਟੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਅੱਜ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਤੇ ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ਜਿੱਥੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਗੁਰੂ ਹਰਗੋਬਿੰਦ ਸਾਹਿਬ ਸੁਖਮਨੀ ਸੇਵਾ ਸੁਸਾਇਟੀ ਦੀ ਨਵ-ਨਿਯੁਕਤ ਪ੍ਰਧਾਨ ਰਾਜਿੰਦਰ ਕੌਰ ਮਲੇਸ਼ੀਆ ਦਾ ਵੀ ਪ੍ਰਬੰਧਕ ਕਮੇਟੀ ਵਲੋਂ ਮਾਣ ਸਤਿਕਾਰ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਦੀਆਂ ਸੰਗਤਾਂ ਵਲੋਂ ਸਮੇਂ ਸਮੇਂ 'ਤੇ ਦਿੱਤੇ ਜਾ ਰਹੇ ਮਾਣ ਸਤਿਕਾਰ ਲਈ ਜਿੱਥੇ ਉਹ ਹਮੇਸ਼ਾ ਰਿਣੀ ਰਹਿਣਗੇ ਉੱਥੇ ਉਨ੍ਹਾਂ ਛੇਵੇਂ ਪਾਤਿਸ਼ਾਹ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰੂ ਦੀ ਕਿ੍ਪਾ ਸਦਕਾ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਅੰਦਰ ਵੱਡੀ ਜ਼ਿੰਮੇਵਾਰੀ ਮਿਲੀ ਹੈ | ਜਿਸ ਨੂੰ ਨਿਭਾਉਂਦੇ ਹੋਏ ਉਹ ਪੰਥ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਹਮੇਸ਼ਾ ਗੁਰੂ ਜੀ ਦਾ ਅਸ਼ੀਰਵਾਦ ਲੈਂਦੇ ਹੋਏ ਸੰਗਤਾਂ ਦੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ | ਇਸ ਮੌਕੇ ਗੁਰਦਰਸ਼ਨ ਸਿੰਘ ਹੈੱਡ ਗ੍ਰੰਥੀ, ਜਗਦੇਵ ਸਿੰਘ ਪ੍ਰਧਾਨ, ਜਥੇਦਾਰ ਸਤਵਿੰਦਰ ਸਿੰਘ ਭਗੜਾਣਾ, ਦਰਸ਼ਨ ਸਿੰਘ ਬੱਬੀ, ਜਥੇ. ਮੋਹਨ ਸਿੰਘ, ਦਵਿੰਦਰ ਸਿੰਘ ਰੋਡਾ, ਹਰਪ੍ਰੀਤ ਸਿੰਘ, ਬਲਵੀਰ ਸਿੰਘ ਆਦਿ ਮੌਜੂਦ ਸਨ |