ਨਾਭਾ, 21 ਜੁਲਾਈ (ਜਗਨਾਰ ਸਿੰਘ ਦੁਲੱਦੀ)-ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਨਜ਼ਰਬੰਦ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਵਲੋਂ ਇਕ ਵਾਰ ਫਿਰ ਤੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਕਰਨ ਉਪਰੰਤ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਕੀਲ ਕਲੇਰ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਕਾਲੀਆਂ 'ਤੇ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ ਜਿਸ ਦਾ ਖ਼ਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ 6 ਪਰਿਵਾਰਕ ਮੈਂਬਰਾਂ ਦੇ ਨਾਮ ਦਿੱਤੇ ਗਏ ਹਨ ਦੇ ਬਾਵਜੂਦ ਸਰਕਾਰ ਦੇ ਇਸ਼ਾਰੇ 'ਤੇ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਮਿਲਣ ਨਹੀਂ ਦੇ ਰਿਹਾ ਜਦੋਂ ਕਿ ਮਜੀਠੀਆ ਦੇ ਪਰਿਵਾਰਿਕ ਮੈਂਬਰਾਂ 'ਚ ਹਰਸਿਮਰਤ ਕੌਰ ਬਾਦਲ ਉਨ੍ਹਾਂ ਦੀ ਭੈਣ, ਸੁਖਬੀਰ ਸਿੰਘ ਬਾਦਲ ਅਤੇ ਹੋਰ ਪਰਿਵਾਰਕ ਮੈਂਬਰ ਸ਼ਾਮਿਲ ਹਨ | ਵਕੀਲ ਕਲੇਰ ਨੇ ਕਿਹਾ ਕਿ 22 ਜੁਲਾਈ ਨੂੰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਣਾ ਹੈ ਤੇ ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ | ਪੰਜਾਬ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਨੂੰਨ ਬਣਾ ਰਹੀ ਹੈ, ਦੇ ਬਾਵਜੂਦ ਬੇਅਦਬੀਆਂ ਅੱਜ ਵੀ ਨਹੀਂ ਰੁਕ ਰਹੀਆਂ | ਉਨ੍ਹਾਂ ਕਿਹਾ ਕਿ ਸੂਬੇ ਦਾ ਲਾਅ ਐਂਡ ਆਰਡਰ ਵਿਗੜ ਚੁੱਕਿਆ ਹੈ ਇਸ ਕਰਕੇ ਪੰਜਾਬ ਨੂੰ ਬਚਾਉਣ ਲਈ ਇਕ ਮਜ਼ਬੂਤ ਗਠਜੋੜ ਦੀ ਲੋੜ ਹੈ ਜੋ ਕਿ ਹਾਈਕਮਾਂਡ ਵਲੋਂ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ |