ਅਮਲੋਹ, 5 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਸਾਰੀ ਮਨੁੱਖਤਾ ਲਈ ਪ੍ਰੇਰਨਾਦਾਇਕ ਹੈ | ਉਨ੍ਹਾਂ ਦਾ ਉਪਦੇਸ਼ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਦੀ ਪਾਲਨਾ ਕਰਨ ਲਈ ਪ੍ਰੇਰਿਤ ਕਰਦਾ ਹੈ | ਸੰਦੀਪ ਸਿੰਘ ਬੱਲ ਨੇ ਕਿਹਾ ਕਿ ਬਾਬੇ ਨਾਨਕ ਨੇ ਦੁਨੀਆ ਨੂੰ ਏਕਤਾ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਇਕ ਹੈ ਅਤੇ ਉਹ ਹਰ ਜੀਵ ਅੰਦਰ ਵੱਸਦਾ ਹੈ | ਇਸ ਲਈ ਸਾਨੂੰ ਭੇਦ ਭਾਵ ਤੋਂ ਉੱਪਰ ਉੱਠ ਕੇ ਹਰੇਕ ਨਾਲ ਪਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੱਚਾ ਧਰਮ ਮੰਦਿਰਾਂ ਜਾਂ ਮਸਜਿਦਾਂ ਤੱਕ ਸੀਮਿਤ ਨਹੀਂ, ਸਗੋਂ ਸੱਚ ਬੋਲਣ, ਮਿਹਨਤ ਨਾਲ ਕਮਾਈ ਕਰਨ ਅਤੇ ਲੋੜਵੰਦਾਂ ਨਾਲ ਵੰਡ ਕੇ ਖਾਣ ਵਿਚ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਸਾਡੇ ਲਈ ਰਾਹ ਦਸੇਰਾ ਹਨ, ਇਸ ਲਈ ਜੇ ਅਸੀਂ ਉਨ੍ਹਾਂ ਦੀ ਸਿੱਖਿਆ ਅਨੁਸਾਰ ਜੀਵਨ ਨੂੰ ਜਿਉਂਦੇ ਹਾਂ ਤਾਂ ਇਕ ਆਦਰਸ਼ ਸਮਾਜ ਦੀ ਸਿਰਜਣਾ ਹੋ ਸਕਦੀ ਹੈ |