ਸੰਘੋਲ, 5 ਨਵੰਬਰ (ਗੁਰਨਾਮ ਸਿੰਘ ਚੀਨਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਲਾਕ ਖਮਾਣੋਂ ਤੇ ਬਸੀ ਪਠਾਣਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਲਏ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਬ੍ਰਾਂਚ ਖਮਾਣੋਂ ਦੇ ਪ੍ਰਧਾਨ ਦਵਿੰਦਰ ਸਿੰਘ ਖੰਟ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਲੋਹਾਰੀ, ਜਨਰਲ ਸਕੱਤਰ ਕੁਲਵੀਰ ਸਿੰਘ, ਪ੍ਰੈੱਸ ਸਕੱਤਰ ਹਰਦੀਪ ਸਿੰਘ ਸਿੱਧੂਪੁਰ ਕਲਾਂ ਨੇ ਦੱਸਿਆ ਕਿ ਪੇਂਡੂ ਜਲ ਸਪਲਾਈ ਸਕੀਮਾਂ, ਫ਼ੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿਚ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਸਾਲਾਂ ਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ, ਇਨਲਿਸਟਮੈਂਟ ਸਮੇਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗਾਂ ਵਿਚ ਲਿਆ ਕੇ ਪੱਕਾ ਕਰਨ ਦੇ ਨਾਲ ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ 9 ਨਵੰਬਰ ਨੂੰ ਝੰਡਾ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ, ਸੁੱਚਾ ਖਾਨ, ਸੁਖਦੇਵ ਸਿੰਘ, ਤਰਸੇਮ ਸਿੰਘ ਮੌਜੂਦ ਸਨ |