ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਖੇਡਾਂ ਵਿਚ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਧੀਰਪੁਰ ਨੇ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਖੇਡਾਂ ਦੌਰਾਨ ਸਕੂਲ ਦੀਆਂ ਦੋ ਟੀਮਾਂ, ਜਿਮਨਾਸਟਿਕ ਲੜਕੇ ਤੇ ਰਿਦਮਿਕ ਜਿਮਨਾਸਟਿਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਉਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਕੁਰਾਹੇ ਪਈ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਆਂਦਾ ਜਾ ਰਿਹਾ ਹੈ ਤਾਂ ਜੋ ਇਕ ਚੰਗੇ ਤੇ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ | ਇਸ ਮੌਕੇ ਬੀ. ਪੀ. ਈ. ਓ. ਸੰਦੀਪ ਕੁਮਾਰ ਅਤੇ ਸੀ. ਐੱਚ. ਟੀ. ਰਜੇਸ਼ ਕੁਮਾਰ ਨੇ ਵੀ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਉਪਰੋਕਤ ਅਧਿਕਾਰੀਆਂ ਤੋਂ ਇਲਾਵਾ ਧੀਰਪੁਰ ਦੇ ਸਰਪੰਚ ਰਣਧੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ, ਜਿਸ ਵਿਚ ਸਕੂਲ ਦੇ ਇੰਚਾਰਜ ਗੁਰਦੀਸ਼ ਕੌਰ ਤੇ ਬਬਲਪ੍ਰੀਤ ਕੌਰ ਦੇ ਉੱਦਮ ਨੂੰ ਸਲਾਹਿਆ ਗਿਆ | ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਵਿਚ ਜੇਤੂ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ |