ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਰਾਹੀਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਹੜ੍ਹਾਂ ਤੇ ਫ਼ਸਲੀ ਰੋਗਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਅਤੇ ਹੋਰਨਾਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਅਤੇ ਜਸਵੀਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਅਗਸਤ ਤੇ ਸਤੰਬਰ ਮਹੀਨੇ ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਡੀ.ਏ.ਪੀ ਖਾਦ ਦੀ ਭਾਰੀ ਘਾਟ ਕਾਰਨ ਕਿਸਾਨ ਕਣਕ ਬੀਜਣ ਤੋਂ ਲੇਟ ਹੋ ਰਹੇ ਹਨ ਅਤੇ 15 ਨਵੰਬਰ ਤੋਂ ਬਾਅਦ ਬੀਜੀ ਕਣਕ ਦਾ ਝਾੜ ਡੇਢ ਕੁਇੰਟਲ ਪ੍ਰਤੀ ਏਕੜ ਘੱਟ ਜਾਵੇਗਾ | ਆਗੂਆਂ ਨੇ ਕਿਹਾ ਕਿ ਡੀ.ਏ.ਪੀ. ਦੇ ਨਾਲ ਨੈਨੋ ਯੂਰੀਆ ਅਤੇ ਹੋਰ ਗੈਰ ਜ਼ਰੂਰੀ ਵਸਤਾਂ ਕਿਸਾਨਾਂ ਨੂੰ ਜਬਰੀ ਮੜ੍ਹੀਆਂ ਜਾ ਰਹੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿਲ 2025 ਰਾਜਾਂ ਦੇ ਅਧਿਕਾਰ 'ਤੇ ਡਾਕਾ ਹੈ ਅਤੇ ਬਿਜਲੀ ਫ਼ੰਡ ਦੇ ਖੇਤਰ ਵਿਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਹੈ, ਇਸ ਨੂੰ ਫ਼ੌਰੀ ਰੱਦ ਕੀਤਾ ਜਾਵੇ | ਹਲਦੀ ਤੇ ਮਧਰਾ ਰੋਗ ਕਾਰਨ ਝੋਨੇ ਦੇ ਘਟੇ ਝਾੜ ਦੀ ਪੂਰਤੀ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ | ਝੋਨੇ ਵਿਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ | ਗੰਨੇ ਦਾ ਭਾਅ ਵਧਾ ਕੇ 470 ਪ੍ਰਤੀ ਕੁਇੰਟਲ ਕੀਤਾ ਜਾਵੇ, ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਬਣੇ ਮੁਕੱਦਮੇ ਰੱਦ ਕੀਤੇ ਜਾਣ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਨਿਰਮਲ ਸਿੰਘ, ਹਰਮੇਲ ਸਿੰਘ ਭਟੇੜੀ, ਅਮਰਜੀਤ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ, ਹਰਮੇਲ ਸਿੰਘ ਡਡਿਆਣਾ, ਧਰਮਿੰਦਰ ਸਿੰਘ ਰੁੜਕੀ ਅਤੇ ਜਸਵੀਰ ਸਿੰਘ ਰੁੜਕੀ ਵੀ ਹਾਜ਼ਰ ਸਨ |