ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਕੌਮੀ ਲੋਕ ਅਦਾਲਤਾਂ ਵਿਚ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ | ਇਹ ਜਾਣਕਾਰੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਸ਼ੋਕ ਕੁਮਾਰ ਚੌਹਾਨ ਨੇ ਜ਼ਿਲ੍ਹਾ ਕਚਹਿਰੀਆਂ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 13 ਦਸੰਬਰ ਨੂੰ ਆਯੋਜਿਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਝੌਤਾ ਸਦਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨਾਲ ਕੀਤੀ ਗਈ, ਇਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਹੋਣ ਵਾਲੇ ਫ਼ੈਸਲਿਆਂ ਨਾਲ ਜਿੱਥੇ ਪ੍ਰਭਾਵਿਤ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਚਦਾ ਹੈ ਉੱਥੇ ਹੀ ਦੋਵੇਂ ਧਿਰਾਂ ਦੀ ਆਪਸੀ ਕੁੜੱਤਣ ਵੀ ਦੂਰ ਹੁੰਦੀ ਹੈ | ਚੌਹਾਨ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਦੀਵਾਨੀ, ਸਮਝੌਤਾ ਯੋਗ, ਫ਼ੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਾਸ, ਮਜ਼ਦੂਰਾਂ ਨਾਲ ਸੰਬੰਧਿਤ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲਾਂ ਸੰਬੰਧੀ ਅਤੇ ਘਰੇਲੂ ਝਗੜਿਆਂ ਸੰਬੰਧੀ ਲੰਬਿਤ ਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ | ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਂਕਾਂ ਦੇ ਲੰਬਿਤ ਪਏ ਰਿਕਵਰੀ ਦੇ ਕੇਸ ਵੱਧ ਤੋਂ ਵੱਧ ਇਸ ਲੋਕ ਅਦਾਲਤ ਵਿਚ ਲਗਾਏ ਜਾਣ ਤਾਂ ਜੋ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਹੋ ਸਕੇ | ਸਕੱਤਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ | ਲੋਕ ਅਦਾਲਤ ਵਿਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫ਼ੀਸ ਵੀ ਨਹੀਂ ਲੱਗਦੀ ਅਤੇ ਲੋੜਵੰਦਾਂ ਨੂੰ ਵਕੀਲ ਦੀਆਂ ਮੁਫ਼ਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ |