ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ ਲਾਇਆ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਹਲਕੇ ਦੇ ਵੋਟਰਾਂ ਨੂੰ ਧਮਕਾਇਆ ਵੀ ਜਾ ਰਿਹਾ ਹੈ, ਜਿਸ ਤੋਂ ਸਪੱਸ਼ਟ ਹੈ ਕਿ 'ਆਪ' ਨੇ ਵੋਟਾਂ ਪੈਣ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਕਰ ਲਈ ਹੈ ਅਤੇ ਬੌਖਲਾਹਟ ਵਿਚ ਵਿਰੋਧੀ ਉਮੀਦਵਾਰਾਂ ਦੇ ਸਮਰਥਕਾਂ 'ਤੇ ਝੂਠੇ ਪਰਚੇ ਪਾ ਕੇ ਉਨ੍ਹਾਂ ਨੂੰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ | ਰਾਜੂ ਖੰਨਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ | ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਚੋਣ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਰੰਧਾਵਾ ਨੂੰ ਵੋਟਰਾਂ ਪਾਸੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਜਿਸ ਕਰਕੇ ਵਿਰੋਧੀ ਉਮੀਦਵਾਰਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ | ਇਸ ਮੌਕੇ ਜਸਪਾਲ ਸਿੰਘ ਮਿੱਠੂ ਚੱਢਾ, ਕੁਲਦੀਪ ਸਿੰਘ ਮਛਰਾਈ, ਹਰਬੰਸ ਸਿੰਘ ਬਡਾਲੀ, ਬਲਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ ਬੀ.ਏ.ਡੀ.ਬੀ, ਕਸ਼ਮੀਰ ਸਿੰਘ ਰਾਵਣਾਂ, ਜਸਵੰਤ ਸਿੰਘ ਮੰਡੋਫ਼ਲ, ਹਰਵਿੰਦਰ ਸਿੰਘ ਬਿੰਦਾ ਮਾਜਰੀ ਵੀ ਹਾਜ਼ਰ ਸਨ |