ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ 'ਚ ਲਾਪਤਾ ਹੋਏ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲਣ ਮਗਰੋਂ ਪੀੜਤ ਪਰਿਵਾਰ ਵਲੋਂ ਕਤਲ ਦੀ ਸ਼ੰਕਾ ਜਿਤਾਉਂਦੇ ਹੋਏ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਮਿ੍ਤਕ ਨੌਜਵਾਨ ਦੀ ਕਰਨਦੀਪ ਦੀ ਮਾਤਾ ਗੁਲਸ਼ਨ ਦੇਵੀ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਲੜਕਾ ਕਰਨਦੀਪ ਡਰਾਈਵਰੀ ਦਾ ਕੰਮ ਕਰਦਾ ਸੀ, 20 ਸਤੰਬਰ ਨੂੰ ਦੁਪਹਿਰ ਵੇਲੇ ਕੰਮ 'ਤੇ ਜਾਣ ਲਈ ਕਹਿ ਕੇ ਘਰੋਂ ਚਲਾ ਗਿਆ, ਜਿਸ ਦੀ ਲਾਸ਼ 25 ਸਤੰਬਰ ਨੂੰ ਪਿੰਡ ਲੋਟ (ਨਜ਼ਦੀਕ ਨਾਭਾ) ਭਾਖੜਾ ਨਹਿਰ ਤੋਂ ਮਿਲੀ ਸੀ | ਉਨ੍ਹਾਂ ਦੱਸਿਆ ਕਿ ਲਾਸ਼ ਦੇਖਣ ਤੋਂ ਪਤਾ ਲੱਗਦਾ ਸੀ ਕਿ ਉਸ ਦੇ ਸਿਰ ਦੇ ਪਿਛਲੇ ਪਾਸੇ ਅਤੇ ਸਾਹਮਣੇ ਜ਼ਖ਼ਮ ਦੇ ਨਿਸ਼ਾਨ ਸਨ | ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੇ ਲੜਕੇ ਨੂੰ ਨਹਿਰ ਵਿਚ ਗਿਰਾਉਣ ਤੋਂ ਪਹਿਲਾਂ ਮਾਰਨ ਦੀ ਨੀਅਤ ਨਾਲ ਉਸ ਦੀ ਕੁੱਟਮਾਰ ਕੀਤੀ ਗਈ | ਉਨ੍ਹਾਂ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ | ਕਿਉਂਕਿ ਉਨ੍ਹਾਂ ਦੇ ਬੇਟੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਸਾਨੂੰ ਸ਼ੱਕ ਹੈ ਕਿ ਕਰਨਦੀਪ ਦੀ ਹੱਤਿਆ ਕੀਤੀ ਗਈ ਹੈ ਅਤੇ ਇਸ ਨੂੰ ਆਤਮ ਹੱਤਿਆ ਦੀ ਰੰਗਤ ਦੇਣ ਲਈ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ ਹੈ | ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਉਹ ਜ਼ਿਲ੍ਹਾ ਪੁਲਿਸ ਮੁਖੀ ਤੇ ਸਬੰਧਿਤ ਥਾਣੇ ਵਿਚ ਦਰਖ਼ਾਸਤਾਂ ਦੇ ਚੁੱਕੇ ਹਨ ਪਰ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋਈ | ਇਸ ਮੌਕੇ ਪੰਜਾਬ ਪ੍ਰਦੇਸ਼ ਮੁਸਲਿਮ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਨਵੀਬ ਅਲੀ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਨਾਲ ਡੱਟ ਕੇ ਖੜ੍ਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ ਰਾਹੀਂ ਪੁਲਿਸ ਪ੍ਰਸ਼ਾਸਨ ਨੂੰ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਫਿਰ ਵੀ ਪੁਲਿਸ ਨੇ ਮੁਕੱਦਮਾ ਦਰਜ਼ ਕਰਕੇ ਹਮਲਾਵਰਾਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਉਹ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਧਰਨਾ ਦੇਣ ਲਈ ਮਜਬੂਰ ਹੋਣਗੇ | ਇਸ ਮੌਕੇ 'ਤੇ ਸੰਦੀਪ ਕੁਮਾਰ, ਸੀਮਾ, ਮਮਤਾ ਰਾਣੀ, ਮੋਹਨ ਲਾਲ, ਮਨਜੀਤ ਸਿੰਘ, ਰਣਜੀਤ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ ਤੇ ਨਰਿੰਦਰ ਸਿੰਘ ਵੀ ਹਾਜ਼ਰ ਸਨ |