ਮੰਡੀ ਗੋਬਿੰਦਗੜ੍ਹ, 18 ਨਵੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਮੰਡੀ ਗੋਬਿੰਦਗੜ੍ਹ ਦੇ ਸੰਤ ਨਗਰ ਦੀ ਢੇਹਾ ਬਸਤੀ ਵਿਖੇ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਵਿਚ ਕਾਰਡਨ ਐਂਡ ਸਰਚ ਆਪੇ੍ਰਸ਼ਨ (ਕਾਸੋ) ਆਪੇ੍ਰਸ਼ਨ ਚਲਾਇਆ ਗਿਆ | ਇਸ ਸਰਚ ਅਭਿਆਨ ਦੌਰਾਨ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ | ਸਰਚ ਅਭਿਆਨ ਦੌਰਾਨ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਮਹਿਲਾਵਾਂ ਸ਼ਾਮਿਲ ਸਨ, ਜਿਨ੍ਹਾਂ ਵਲੋਂ ਇਲਾਕੇ ਦੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਨਾਕਾਬੰਦੀ ਕਰ ਪੁਲਿਸ ਵਲੋਂ ਸ਼ੱਕੀ ਵਾਹਨ ਤੇ ਲੋਕਾਂ ਦੀ ਤਲਾਸ਼ੀ ਵੀ ਲਈ ਗਈ | ਇਸ ਕਾਸੋ ਆਪੇ੍ਰਸ਼ਨ ਵਿਚ ਐਸ.ਪੀ.(ਡੀ) ਰਕੇਸ਼ ਯਾਦਵ, ਡੀ.ਅੱੈਸ.ਪੀ. ਅਮਲੋਹ ਗੁਰਦੀਪ ਸਿੰਘ ਸੰਧੂ, ਐੱਸ.ਐੱਚ.ਓ. ਬਲਜਿੰਦਰ ਸਿੰਘ ਅਮਲੋਹ ਅਤੇ ਗੋਬਿੰਦਗੜ੍ਹ ਪੁਲਿਸ ਥਾਣਾ ਦੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਦਿਓਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਘਰਾਂ ਵਿਚ ਜਾ ਕੇ ਛਾਣਬੀਣ ਕੀਤੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਹ ਕਾਸੋ ਆਪੇ੍ਰਸ਼ਨ ਪੂਰੇ ਜ਼ਿਲੇ੍ਹ ਵਿਚ ਅੱਜ ਪੂਰੀ ਸਖ਼ਤੀ ਦੇ ਨਾਲ ਚਲਾਇਆ ਜਾ ਰਿਹਾ ਹੈ | ਇਸ ਦੌਰਾਨ 11 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਦੀ ਜਾਂਚ ਮਗਰੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ੇ ਦੀ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ | ਅਜਿਹੇ ਸਮਾਜ ਵਿਰੋਧੀ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਕਰੀਬ 1200 ਛੋਟੇ ਵੱਡੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰ ਜੇਲ੍ਹਾਂ ਵਿਚ ਭੇਜਿਆ ਜਾ ਚੁੱਕਾ ਹੈ | ਇਸ ਤੋਂ ਇਲਾਵਾ ਹੁਣ ਤਕ ਕਰੀਬ 800 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਲ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਸਹੀ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਜ਼ਰੂਰ ਸਾਂਝੀ ਕੀਤੀ ਜਾਵੇ | ਸ਼ਿਕਾਇਤ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਤਸਕਰਾਂ ਨੂੰ ਨੱਪਿਆ ਜਾਵੇਗਾ |