ਫ਼ਤਹਗਿੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਲੀਕੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਅਹਿਮ ਮੀਟਿੰਗ ਹੋਈ | ਜਿਸ ਦੌਰਾਨ ਜਥੇਦਾਰ ਬਲਸੂਆਂ ਨੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਜ਼ਿੰਮੇਵਾਰੀ ਤੇ ਡਿਊਟੀ ਸਮਰਪਿਤ ਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਮੀਟਿੰਗ ਵਿਚ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਲਜੀਤ ਸਿੰਘ ਭੁੱਟਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਵੱਖ-ਵੱਖ ਵਿਸ਼ਿਆਂ 'ਤੇ ਡੂੰਘੀਆਂ ਵਿਚਾਰਾਂ ਵੀ ਹੋਈਆਂ | ਉਪਰੰਤ ਜਥੇਦਾਰ ਬਲਸੂਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਹੀਦੀ ਦਿਹਾੜੇ ਸਬੰਧੀ 23 ਨਵੰਬਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 25 ਨਵੰਬਰ ਨੂੰ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਵੇਰੇ 9 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਭਗੜਾਣਾ ਤੋਂ ਆਰੰਭ ਹੋ ਕੇ ਪਿੰਡ ਝਾਂਮਪੁਰ, ਭੂਆ ਖੇੜੀ, ਮਹਿਤਾਬਗੜ੍ਹ (ਕੰਮੋ ਮਾਜਰਾ) ਬਾਇਆ ਭਗੜਾਣਾ ਤੋਂ ਦਾਦੂ ਮਾਜਰਾ, ਬਡਾਲੀ ਮਾਈ ਕੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 2 ਵਾਰ ਦਿੱਲੀ ਨੂੰ ਜਾਂਦੇ ਸਮੇਂ ਭਗੜਾਣਾ ਪਿੰਡ ਇਸੇ ਧਰਤੀ 'ਤੇ ਠਹਿਰੇ ਸਨ ਜਿੱਥੇ ਗੁਰਦੁਆਰਾ ਸਾਹਿਬ ਸਸ਼ੋਭਿਤ ਹਨ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਮੇਂ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ, ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਸਾਹਿਬ ਜੀ ਦੀ ਜੀਵਨੀ ਅਤੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਤੇ ਨਗਰ ਕੀਰਤਨ ਨਾਲ ਜਾਣ ਵਾਲੇ ਬੱਚਿਆਂ ਨੂੰ ਅਪੀਲ ਕੀਤੀ ਕਿ ਟਰਾਲੀ ਤੋਂ ਬਿਨਾਂ ਕੋਈ ਟਰੈਕਟਰ ਨਹੀਂ ਜਾਵੇਗਾ ਅਤੇ ਬੰਬ ਜਾਂ ਆਤਿਸ਼ਬਾਜ਼ੀ ਦੀ ਸਖ਼ਤ ਮਨਾਹੀ ਹੋਵੇਗੀ | ਇਸ ਮੌਕੇ 'ਤੇ ਭਾਈ ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਜੀਤ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ ਤੇ ਜੋਰਾ ਸਿੰਘ ਵੀ ਹਾਜ਼ਰ ਸਨ |