ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 21 ਨਵੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇਗਾ ਜਿਸ ਦੇ ਸਵਾਗਤ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ | ਡੀ.ਸੀ ਨੇ ਦੱਸਿਆ ਕਿ ਫਰੀਦਕੋਟ ਤੋਂ ਆਰੰਭ ਹੋਣ ਵਾਲਾ ਨਗਰ ਕੀਰਤਨ ਮੋਗਾ ਤੇ ਲੁਧਿਆਣਾ ਰਾਹੀਂ ਹੁੰਦਾ ਹੋਇਆ 21 ਨਵੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਖੰਨਾ ਵਾਲੇ ਪਾਸਿਉਂ ਦਾਖਲ ਹੋਵੇਗਾ ਜਿੱਥੇ ਵੱਖ-ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਹੋਰ ਸ਼ਖ਼ਸੀਅਤਾਂ ਵਲੋਂ ਭਾਰੀ ਗਿਣਤੀ ਵਿਚ ਸੰਗਤ ਸਮੇਤ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਨਗਰ ਕੀਰਤਨ ਦੀ ਆਮਦ ਦੇ ਮੱਦੇਨਜ਼ਰ ਸਾਫ਼ ਸਫ਼ਾਈ, ਸੁਰੱਖਿਆ, ਟ੍ਰੈਫ਼ਿਕ ਪ੍ਰਬੰਧਨ ਤੇ ਸ਼ਰਧਾਲੂਆਂ ਦੀ ਸਹੂਲਤ, ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ, ਮੈਡੀਕਲ ਸੁਵਿਧਾਵਾਂ ਸਮੇਤ ਹਰੇਕ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਡੀ.ਸੀ. ਨੇ ਦੱਸਿਆ ਕਿ ਅਜਨਾਲੀ ਗੇਟ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਅਤੁੱਟ ਲੰਗਰ ਵਰਤਾਇਆ ਜਾਵੇਗਾ ਅਤੇ ਨਗਰ ਕੀਰਤਨ ਮੰਡੀ ਗੋਬਿੰਦਗੜ੍ਹ ਤੋਂ ਅੱਗੇ ਫਲੋਟਿੰਗ ਰੇਸਤਰਾਂ ਵਾਲੇ ਪੁਲ ਦੇ ਉੱਤੋਂ ਲੰਘ ਕੇ ਸਾਨੀਪੁਰ ਚੌਂਕ, ਰੇਲਵੇ ਰੋਡ, ਵਿਸ਼ਵਕਰਮਾ ਚੌਕ, ਫਲਾਈਓਵਰ ਰਾਹੀਂ ਚਾਰ ਨੰਬਰ ਚੂੰਗੀ ਤੋਂ ਵਿਧਾਇਕ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਕੋਲ ਪੁੱਜੇਗਾ ਜਿੱਥੇ ਕਿ ਅਤੁੱਟ ਲੰਗਰ ਵਰਤਾਇਆ ਜਾਵੇਗਾ ਜਿੱਥੋਂ ਜੋਤੀ ਸਰੂਪ ਮੋੜ ਤੋਂ ਖੱਬੇ ਹੱਥ ਹੋ ਕੇ ਡੀ.ਸੀ ਤੇ ਕੋਰਟ ਕੰਪਲੈਕਸ ਸਾਹਮਣਿਓਾ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ ਤੇ ਰਾਤ ਦੀ ਠਹਿਰ ਹੋਵੇਗੀ | ਉਨ੍ਹਾਂ ਦੱਸਿਆ ਕਿ ਅਗਲੇ ਦਿਨ 22 ਨਵੰਬਰ ਨੂੰ ਸਵੇਰੇ ਕਰੀਬ 8 ਵਜੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ ਅਤੇ ਬਸੀ ਪਠਾਣਾਂ ਹੁੰਦਾ ਹੋਇਆ ਪਿੰਡ ਡੂਮਛੇੜੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਵਿਧਾਇਕ ਬਸੀ ਪਠਾਣਾਂ ਦੇ ਦਫ਼ਤਰ ਸਾਹਮਣੇ ਵੀ ਅਤੁੱਟ ਲੰਗਰ ਵਰਤਾਇਆ ਜਾਵੇਗਾ | ਡੀ.ਸੀ. ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਤਿਆਰੀਆਂ ਵਜੋਂ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ | ਮੀਟਿੰਗ ਦੌਰਾਨ ਏ.ਡੀ.ਸੀ ਅਰਵਿੰਦ ਕੁਮਾਰ, ਏ.ਡੀ.ਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਐਸ.ਡੀ.ਐਮ ਬਸੀ ਪਠਾਣਾਂ ਹਰਵੀਰ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ, ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |