ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਅਤੇ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੁਆਰਾ ਆਸਾਮ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋਣ 'ਤੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਬਲਜੀਤ ਸਿੰਘ ਭੁੱਟਾ ਕੌਮੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਜਿਸ ਦੌਰਾਨ ਸੰਗਤਾਂ ਵਲੋਂ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਉਪਰੰਤ ਪਿੰਡ ਚੁੰਨ੍ਹੀ ਵਿਖੇ ਪਹੁੰਚੇ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਤੇ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਬਲਜੀਤ ਸਿੰਘ ਭੁੱਟਾ ਦੀ ਅਗਵਾਈ 'ਚ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸੁੰਦਰ ਰੁਮਾਲਾ ਸਾਹਿਬ ਭੇਟ ਕਰਕੇ ਆਸ਼ੀਰਵਾਦ ਲਿਆ ਗਿਆ | ਨਗਰ ਕੀਰਤਨ ਦੀ ਅਗਵਾਈ ਕਰ ਰਹੇ 5 ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਉਡੀਕ ਕਰ ਰਹੀ ਸੰਗਤ ਲਈ ਵੀ ਚਾਹ ਪਾਣੀ ਦਾ ਉਚੇਚੇ ਤੌਰ 'ਤੇ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਦਰਬਾਰਾ ਸਿੰਘ ਗੁਰੂ ਤੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਇਹ ਪਵਿੱਤਰ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਰਵਾਨਾ ਹੋਇਆ ਸੀ ਤੇ ਤਿੰਨ ਮਹੀਨਿਆਂ ਦੀ ਨਿਰੰਤਰ ਯਾਤਰਾ ਉਪਰੰਤ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰਨ ਮਗਰੋਂ 21 ਨਵੰਬਰ ਦੀ ਸਵੇਰ ਵੇਲੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਜਥੇ. ਪ੍ਰਦੀਪ ਸਿੰਘ ਕਲੌੜ, ਸਤਨਾਮ ਸਿੰਘ ਕਾਲੇਮਾਜਰਾ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ, ਹਰਕਮਲਜੀਤ ਸਿੰਘ ਬਿੱਟੂ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ, ਜਥੇ. ਹਰਬੰਸ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਚੁੰਨ੍ਹੀ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਮਾਜਰੀ, ਮਨਦੀਪ ਸਿੰਘ ਮਨੀ, ਜਗਤਾਰ ਸਿੰਘ, ਸਰਬਜੀਤ ਸਿੰਘ ਮੈਣਮਾਜਰੀ, ਬਲਦੇਵ ਸਿੰਘ ਪਮੌਰ, ਹਰਭਜਨ ਸਿੰਘ ਚੁੰਨ੍ਹੀ, ਸੰਤ ਸਿੰਘ ਨੰਦਪੁਰ, ਜੁਪਿੰਦਰ ਸਿੰਘ ਨੌਗਾਵਾਂ, ਕਿਰਨਦੀਪ ਸਿੰਘ ਚੁੰਨ੍ਹੀ, ਸਿਮਰਨਜੀਤ ਸਿੰਘ ਰਸੂਲਪੁਰ, ਅਵਤਾਰ ਸਿੰਘ ਚੁੰਨ੍ਹੀ, ਭੁਪਿੰਦਰ ਸਿੰਘ ਭਗਤਪੁਰਾ, ਨਾਹਰ ਸਿੰਘ ਰਿਟਾ.ਸੂਬੇਦਾਰ ਚੁੰਨ੍ਹੀ, ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |