ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ, ਜਿਸ ਵਿਚ ਮੈਡੀਕਲ ਅਫ਼ਸਰ ਡਾ. ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਟੀਮ ਵਲੋਂ ਚੰਡੀਗੜ੍ਹ ਰੋਡ, ਬਾਈਪਾਸ ਰੋਡ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ, ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ ਗਏ | ਡਾ. ਬੇਦੀ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ | ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਵਿਅਕਤੀਆਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਤੰਬਾਕੂ ਦੇ ਸੇਵਨ ਨਾਲ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸ਼ਹੀਦੀ ਸਭਾ ਦੇ ਮੱਦੇਨਜ਼ਰ ਤੰਬਾਕੂ ਵਿਰੋਧੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ |