ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਹਰਗਣਾ ਦੀ ਅਗਵਾਈ ਵਿਚ ਕੌਮੀ ਆਗੂਆਂ 'ਤੇ ਦਿੱਲੀ ਵਿਖੇ ਦਰਜ ਕੀਤੀ ਗਈ ਐੱਫ.ਆਈ.ਆਰ ਦੀਆਂ ਕਾਪੀਆਂ ਸਾੜੀਆਂ ਗਈਆਂ | ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਮਾਜਰੀ ਅਤੇ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਭੱਟੀ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ 'ਤੇ ਬੀਤੇ ਦਿਨ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਜਿਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ, ਜਿਸ ਕਾਰਨ ਦੇਸ਼ ਭਰ ਦੇ ਮੁਲਾਜ਼ਮਾਂ ਵਲੋਂ 25 ਨਵੰਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ | ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵਲੋਂ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਮੁਲਾਜ਼ਮ ਆਗੂਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਸ਼ਰਤ ਦੇ ਐੱਫ.ਆਈ.ਆਰ. ਰੱਦ ਕੀਤੀ ਜਾਵੇ, ਕਿਉਂਕਿ ਧਰਨੇ ਮੁਜ਼ਾਹਰੇ ਕਰਨਾ ਹਰੇਕ ਜਥੇਬੰਦੀ ਦਾ ਸੰਵਿਧਾਨਿਕ ਹੱਕ ਹੈ, ਜੋ ਕਿਸੇ ਵੀ ਹਾਲਤ ਵਿਚ ਖੋਹਿਆ ਨਹੀਂ ਜਾ ਸਕਦਾ | ਇਸ ਦੇ ਨਾਲ ਹੀ ਆਗੂਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਬਰਿੰਦਰ ਸਿੰਘ, ਭਾਗ ਸਿੰਘ ਰੁੜਕੀ, ਗੁਰਪ੍ਰੀਤ ਸਿੰਘ, ਬਰਜਿੰਦਰ ਸਿੰਘ, ਗੁਰਿੰਦਰ ਗੁਰੀ, ਰਾਜਵਿੰਦਰ ਸਿੰਘ, ਬਲਜੀਤ ਸਿੰਘ, ਰਾਜਵੀਰ ਵਰਮਾ, ਬੀਰਬਲ, ਬਲਵਿੰਦਰ ਸਿੰਘ, ਗੌਰਵਦੀਪ ਸਿੰਘ, ਅਜੀਤ ਅਰੋੜਾ, ਪ੍ਰਦੀਪ ਸਿੰਘ, ਦਵਿੰਦਰ ਸਿੰਘ, ਜਗਵਿੰਦਰ ਸਿੰਘ, ਨਿਰਮਲ ਸਿੰਘ ਭਟੇੜੀ ਤੇ ਤਰਸੇਮ ਸਿੰਘ ਖਮਾਣੋਂ ਆਦਿ ਹਾਜ਼ਰ ਸਨ |