ਖਮਾਣੋਂ, 3 ਦਸੰਬਰ (ਜੋਗਿੰਦਰ ਪਾਲ)-ਸੁਰਿੰਦਰ ਸਿੰਘ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਫ਼ਤਹਿਗੜ੍ਹ ਸਾਹਿਬ ਵਲੋਂ ਨਜ਼ਦੀਕੀ ਪਿੰਡ ਰਾਣਵਾਂ ਵਿਖੇ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ ਗਏ | ਉਨ੍ਹਾਂ ਦੱਸਿਆ ਕਿ ਅੱਜ ਲਗਪਗ 100 ਦੇ ਕਰੀਬ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਵੱਖ-ਵੱਖ ਤਰ੍ਹਾਂ ਦੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਟ੍ਰੈਫ਼ਿਕ ਨਿਯਮਾਂ ਦੀ ਇੰਨ ਬਿੰਨ ਪਾਲਨਾ ਕੀਤੀ ਜਾਵੇ, ਕਿਉਂਕਿ ਓਵਰ ਸਪੀਡ ਕਾਰਨ ਹੀ ਹਾਦਸੇ ਵਾਪਰਦੇ ਹਨ ਜਿਨ੍ਹਾਂ ਵਿਚ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਟਰੱਕਾਂ ਅਤੇ ਟਰੈਕਟਰ, ਟਰਾਲੀਆਂ ਪਿੱਛੇ ਰਿਫ਼ਲੈਕਟਰ ਜ਼ਰੂਰ ਲਗਵਾਏ ਜਾਣ, ਸੀਟ ਬੈਲਟ ਦੀ ਵਰਤੋਂ ਯਕੀਨੀ ਬਣਾਈ ਜਾਵੇ ਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਦਾਚਿਤ ਨਹੀਂ ਬਖ਼ਸ਼ਿਆ ਜਾਵੇਗਾ | ਇਸ ਮੌਕੇ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮ ਬਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ |