ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਬੇਸ਼ੱਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸੱਤਾ ਧਿਰ ਦੇ ਆਗੂਆਂ ਵਲੋਂ ਸੂਬੇ ਦੀਆਂ ਸਾਰੀਆਂ ਲਿੰਕ ਤੇ ਪ੍ਰਮੁੱਖ ਸੜਕਾਂ ਦਾ ਨਵ ਨਿਰਮਾਣ ਕਰਵਾਏ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀ ਚੁੰਨੀ, ਬਡਾਲੀ ਪ੍ਰਮੁੱਖ ਸੜਕ 'ਤੇ ਥਾਂ-ਥਾਂ 'ਤੇ ਪਏ ਵੱਡੇ-ਵੱਡੇ ਟੋਏ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਵਿੱਦਿਆ ਸਕੱਤਰ ਅਵਤਾਰ ਸਿੰਘ ਸੈਂਪਲਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪੰਜਾਬ ਸਰਕਾਰ ਖ਼ਾਸਕਰ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਹੀਨੇ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਭਰਨ ਵਾਲੀ ਸਾਲਾਨਾ ਸ਼ਹੀਦੀ ਸਿੰਘ ਸਭਾ ਤੋਂ ਪਹਿਲਾਂ-ਪਹਿਲਾਂ ਇਲਾਕੇ ਦੀਆਂ ਸਾਰੀਆਂ ਲਿੰਕ ਤੇ ਪ੍ਰਮੁੱਖ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਆਵਾਜਾਈ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਕਿਉਂਕਿ ਦਸੰਬਰ ਮਹੀਨੇ ਦੇ ਅਖੀਰਲੇ ਹਫ਼ਤੇ ਦੌਰਾਨ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਦੇਸ਼ ਵਿਦੇਸ਼ਾਂ ਤੋਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪੁੱਜਦੀਆਂ ਹਨ |