12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦੀ ਸਭਾ ਦੌਰਾਨ 20 ਆਮ ਆਦਮੀ ਕਲੀਨਿਕ, 7 ਡਿਸਪੈਂਸਰੀਆਂ, 41 ਐਂਬੂਲੈਂਸਾਂ ਦੇ ਨਾਲ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਵੀ ਉਪਲੱਬਧ ਰਹਿਣਗੀਆਂ- ਡਾ. ਬਲਬੀਰ

ਅਜੀਤ ਡੈਸਕ 25-12-2025
ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਮਨਪ੍ਰੀਤ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਲਈ ਜਿੱਥੇ ਪੰਜਾਬ ਸਰਕਾਰ ਦੀ ਤਰਫ਼ੋਂ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ, ਉੱਥੇ ਹੀ ਅੰਗਦਾਨ ਤੇ ਖ਼ੂਨਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਪ੍ਰਫੁੱਲਿਤ ਕਰਨ ਦਾ ਆਗਾਜ਼ 25 ਦਸੰਬਰ ਨੂੰ ਸ਼ਹੀਦਾਂ ਦੀ ਇਸ ਮਹਾਨ ਧਰਤੀ ਤੋਂ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਵਿਖੇ ਸ਼ਹੀਦੀ ਸਭਾ ਮੌਕੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਚਲਾਈਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ਹੀਦੀ ਸਭਾ ਦੌਰਾਨ 25 ਤੇ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਕੋਈ ਵੀ ਸ਼ਰਧਾਲੂ, ਵਿਦਿਆਰਥੀ ਜਾਂ ਨਾਗਰਿਕ ਆਪਣੇ ਆਪ ਨੂੰ ਖ਼ੂਨਦਾਨੀ ਵਜੋਂ ਰਜਿਸਟਰ ਕਰਵਾਉਣ ਲਈ ਹੈਲਪਲਾਈਨ ਨੰ.104 'ਤੇ ਮਿਸ ਕਾਲ ਕਰ ਸਕਦਾ ਹੈ ਅਤੇ ਸਬੰਧਿਤ ਨਾਗਰਿਕ ਦੀ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਉਸ ਦਾ ਨਾਮ ਖ਼ੂਨਦਾਨੀ ਵਲੰਟੀਅਰਾਂ ਦੀ ਸੂਚੀ ਵਿਚ ਦਰਜ ਕਰ ਲਿਆ ਜਾਵੇਗਾ ਅਤੇ ਲੋੜ ਪੈਣ 'ਤੇ ਹੀ ਖ਼ੂਨਦਾਨ ਕਰਵਾਇਆ ਜਾਵੇਗਾ | ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੇ ਪਵਿੱਤਰ ਦਿਹਾੜੇ ਮੌਕੇ ਸਾਰਿਆਂ ਨੂੰ ਜ਼ਿੰਦਗੀ ਵਿਚ ਘੱਟੋ-ਘੱਟ ਇਕ ਵਾਰ ਜ਼ਰੂਰ ਖ਼ੂਨਦਾਨ ਕਰਨ ਤੇ ਮਰਨ ਉਪਰੰਤ ਅੰਗ ਦਾਨ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ ਤਾਂ ਜੋ ਜੀਵਨ ਵਿਚ ਅਤੇ ਮਰਨ ਤੋਂ ਬਾਅਦ ਵੀ ਹੋਰਨਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖ਼ੂਨਦਾਨ ਤੇ ਅੰਗਦਾਨ ਕਰਨ ਦੀ ਮੁਹਿੰਮ ਵਿਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਖ਼ੂਨਦਾਨੀ ਵਜੋਂ ਰਜਿਸਟ੍ਰੇਸ਼ਨ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਖੇਤਰ ਵਿਚ ਹਰ 500 ਮੀਟਰ ਦੀ ਦੂਰੀ 'ਤੇ ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕੀਤਾ ਗਿਆ ਹੈ, ਜਿੱਥੋਂ ਸਵੇਰ ਤੋਂ ਸ਼ਾਮ ਤੱਕ ਕੋਈ ਵੀ ਸ਼ਰਧਾਲੂ ਲੋੜ ਪੈਣ 'ਤੇ ਮਾਹਿਰ ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈ ਮੁਫ਼ਤ ਪ੍ਰਾਪਤ ਕਰ ਸਕੇਗਾ | ਇਸ ਤੋਂ ਇਲਾਵਾ ਕਈ ਤਰ੍ਹਾਂ ਦੇ ਟੈਸਟ ਦੀ ਸੁਵਿਧਾ ਵੀ ਬਿਲਕੁਲ ਮੁਫ਼ਤ ਹੋਵੇਗੀ |
ਉਨ੍ਹਾਂ ਦੱਸਿਆ ਕਿ 7 ਡਿਸਪੈਂਸਰੀਆਂ ਤੋਂ ਇਲਾਵਾ 41 ਐਂਬੂਲੈਂਸਾਂ 24 ਘੰਟੇ ਸੇਵਾਵਾਂ ਪ੍ਰਦਾਨ ਕਰਨ ਲਈ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ 24 ਘੰਟੇ ਹਰ ਤਰ੍ਹਾਂ ਦੀਆਂ ਐਮਰਜੈਂਸੀ ਇਲਾਜ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਤੋਂ ਵੀ 20 ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ, ਜਿਹੜੇ ਸਰਕਾਰੀ ਮੈਡੀਕਲ ਕਾਲਜ ਨਾਲ ਤਾਲਮੇਲ ਵਿਚ ਰਹਿਣਗੇ ਅਤੇ ਕਿ੍ਟੀਕਲ ਕੇਅਰ ਦੇ ਮਾਮਲਿਆਂ ਵਿਚ ਸੇਵਾਵਾਂ ਦੇਣਗੇ | ਉਨ੍ਹਾਂ ਕਿਹਾ ਕਿ ਸਾਰੇ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਵੀ 24 ਘੰਟੇ ਡਾਕਟਰੀ ਸੇਵਾਵਾਂ ਉਪਲੱਬਧ ਰਹਿਣਗੀਆਂ ਤੇ ਮੈਡੀਕਲ ਸਟਾਫ਼ ਵੀ ਪੂਰੀ ਸ਼ਰਧਾ ਨਾਲ ਸੰਗਤ ਦੀ ਸੇਵਾ ਕਰ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਬਹੁਤ ਜਲਦੀ ਹੀ ਕਿ੍ਟੀਕਲ ਕੇਅਰ ਬਲਾਕ ਵੀ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ | ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਤੇ 26 ਦਸੰਬਰ ਨੂੰ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪਾਂ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ |
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਵਾਤਾਵਰਨ ਦੀ ਸੁਰੱਖਿਆ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨਿਵੇਕਲਾ ਉਪਰਾਲਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਪਿੰਡ ਧੀਰਪੁਰ 'ਚ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।