ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੂੰ ਬਣਾਉਣ ਤੋਂ ਬਾਅਦ ਜ਼ਿਲ੍ਹੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਜ਼ਬਰਦਸਤ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਪੰਜਾਬ ਸੁਖਬੀਰ ਸਿੰਘ ਵਾਹਲਾ ਨੇ ਜਥੇ. ਸੁੱਚਾ ਸਿੰਘ ਲੰਗਾਹ ਦਾ ਜ਼ਿਲ੍ਹੇ ਵਿਚ ਪਹੁੰਚਣ 'ਤੇ ਸਵਾਗਤ ਕਰਨ ਉਪਰੰਤ ਕੀਤਾ | ਸ: ਵਾਹਲਾ ਨੇ ਅੱਗੇ ਕਿਹਾ ਕਿ ਪਹਿਲਾਂ ਵੀ ਜਦੋਂ ਜਥੇਦਾਰ ਸੁੱਚਾ ਸਿੰਘ ਲੰਗਾਹ ਗੁਰਦਾਸਪੁਰ ਦੇ ਪ੍ਰਧਾਨ ਸਨ ਤਾਂ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਹਰੇਕ ਚੋਣ ਵਿਚ ਲਾਮਿਸਾਲ ਜਿੱਤ ਦਰਜ ਕੀਤੀ ਸੀ ਤੇ ਹੁਣ ਵੀ ਜਥੇਦਾਰ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਵਰਕਰ ਇਕ ਵਾਰ ਫਿਰ ਪੂਰੀ ਤਰ੍ਹਾਂ ਜੋਸ਼ ਨਾਲ ਭਰ ਗਏ ਹਨ ਅਤੇ ਆਉਂਦੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਇਕਜੁੱਟ ਕਰ ਕੇ ਸਰਕਾਰ ਦੀਆਂ ਨਾਕਾਮੀਆਂ ਦੇ ਖਿਲਾਫ਼ ਡਟਵਾਂ ਪ੍ਰਦਰਸ਼ਨ ਕੀਤਾ ਜਾਵੇਗਾ | ਸ: ਵਾਹਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਜਦੋਂ ਪਹਿਲੀ ਵਾਰ ਸੁੱਚਾ ਸਿੰਘ ਲੰਗਾਹ ਬੀਤੇ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਵਿਚ ਪਹੁੰਚੇ ਤਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਵਰਕਰਾਂ ਅਤੇ ਆਗੂਆਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਕੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜਬਰਦਸਤ ਸਵਾਗਤ ਕਰਦੇ ਹੋਏ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਮਰਕੱਸਾ ਕਰ ਲਿਆ |