ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜਥੇ. ਸੁੱਚਾ ਸਿੰਘ ਲੰਗਾਹ ਨੂੰ ਮੁੜ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਜਥੇ. ਲੰਗਾਹ ਦੇ ਸਮਰਥਕਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸੇ ਤਹਿਤ ਜਥੇ. ਸੁੱਚਾ ਸਿੰਘ ਲੰਗਾਹ ਦੇ ਨਜ਼ਦੀਕੀ ਸਾਥੀ ਅਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸ: ਸੁਖਬੀਰ ਸਿੰਘ ਵਾਹਲਾ ਤੇ ਉਨ੍ਹਾਂ ਦੇ ਸਾਥੀਆਂ ਨੇ ਇਸ ਨਿਯੁਕਤੀ 'ਤੇ ਖੁੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਸ: ਵਾਹਲਾ ਨੇ ਕਿਹਾ ਕਿ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਲਏ ਗਏ ਇਸ ਵਧੀਆ ਫੈਸਲੇ ਨਾਲ ਸ਼ੋ੍ਰਮਣੀ ਅਕਾਲੀ ਦਲ ਪਹਿਲਾਂ ਦੀ ਤਰ੍ਹਾਂ ਮਜ਼ਬੂਤ ਹੋਵੇਗਾ ਤੇ ਬੁਲੰਦੀਆਂ ਛੂਹੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ 'ਚ ਉਤਸ਼ਾਹ ਤੇ ਨਵਾਂ ਜੋਸ਼ ਭਰਨ ਦੇ ਸਮਰੱਥ ਜਥੇ. ਲੰਗਾਹ ਪਹਿਲਾਂ ਜਿੰਨਾ ਚਿਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹੇ ਪਾਰਟੀ ਬਹੁਤ ਮਜ਼ਬੂਤ ਰਹੀ ਹੈ ਤੇ ਹੁਣ ਫਿਰ ਜਦੋਂ ਜਥੇਦਾਰ ਲੰਗਾਹ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਅਕਾਲੀ ਵਰਕਰ ਘਰਾਂ 'ਚੋਂ ਬਾਹਰ ਨਿਕਲ ਆਏ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲੱਗੇ ਹਨ | ਇਸ ਮੌਕੇ ਹੋਰ ਵੀ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |