ਕਿਲ੍ਹਾ ਲਾਲ ਸਿੰਘ, 16 ਜੁਲਾਈ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਅਮਰੀਕ ਸਿੰਘ ਬਾਲੇਵਾਲ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਸਾਬਕਾ ਉਪ ਚੇਅਰਮੈਨ ਸੰਤੋਖ ਸਿੰਘ ਦਮੋਦਰ ਨੇ ਕਿਹਾ ਕਿ ਉਹ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਮੈਂਬਰ ਕੋਰ ਕਮੇਟੀ ਦੇ ਉਸ ਬਿਆਨ ਦਾ ਸਮਰਥਨ ਕਰਦੇ ਹਨ, ਜਿਸ ਵਿਚ ਉਨ੍ਹਾਂ ਕਿਹਾ ਕਿ ਹੁਣ ਵਕਤ ਆ ਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਦੇ ਸਾਰੇ ਅਕਾਲੀ ਲੀਡਰਾਂ, ਅਹੁਦੇਦਾਰਾਂ ਤੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਤਕੜਾ ਕਰਨ ਦਾ ਯਤਨ ਕਰੀਏ, ਕਿਉਂਕਿ ਇਸ ਆਪਸੀ ਖਿੱਚੋਤਾਣ ਨੇ ਪਹਿਲਾਂ ਹੀ ਪਾਰਟੀ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ | ਇਸ ਲਈ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਹੁਣ ਤੋਂ ਹੀ ਤਿਆਰੀ ਕੱਸ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਵਰਕਰਾਂ ਦੀ ਖਿੱਚੋਤਾਣ ਕਰ ਕੇ ਲਗਾਤਾਰ ਹਾਰ ਰਿਹਾ ਹੈ | ਇਸ ਲਈ ਸਾਨੂੰ ਸਾਰਿਆਂ ਆਪਸੀ ਮਨ-ਮਿਟਾਵ ਭੁਲਾ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨੇ ਚਾਹੀਦੇ ਹਨ ਅਤੇ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਸ਼ੋ੍ਰਮਣੀ ਕਮੇਟੀ ਸਾਰੀਆਂ ਚੋਣਾਂ ਇਕੱਠੇ ਹੋ ਕੇ ਲੜੀਏ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰੀਏ |