ਗੁਰਦਾਸਪੁਰ, 17 ਜੁਲਾਈ (ਚੱਕਰਾਜਾ/ਗੁਰਪ੍ਰਤਾਪ ਸਿੰਘ)-ਅੱਜ ਸ਼ਹਿਰ ਅੰਦਰ ਮਾਹੌਲ ਉਸ ਵੇਲੇ ਦਹਿਸ਼ਤ ਭਰਪੂਰ ਹੋ ਗਿਆ, ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸ਼ਹਿਰ ਦੇ ਮੁੱਖ ਬਾਟਾ ਚੌਕ ਸਥਿਤ ਪੰਜਾਬ ਵਾਚ ਕੰਪਨੀ ਨਾਮਕ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਮਦਨ ਲਾਲ ਨੇ ਪੁਲਿਸ ਨੰੂ ਦੱਸਿਆ ਕਿ ਸਵੇਰੇ ਕਰੀਬ 9.15 ਵਜੇ ਉਹ ਆਪਣੀ ਦੁਕਾਨ 'ਤੇ ਬੈਠੇ ਸਨ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਵਲੋਂ ਉਨ੍ਹਾਂ ਦੀ ਦੁਕਾਨ ਦੇ ਬਾਹਰ ਖੜ੍ਹੇ ਹੋ ਕੇ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੰੂ ਗੋਲੀਆਂ ਦੇ ਖ਼ੋਲ੍ਹ ਅਤੇ ਚੱਲੀ ਗੋਲੀ ਵੀ ਬਰਾਮਦ ਹੋਈ | ਇਸ ਪੂਰੇ ਮਾਮਲੇ ਵਿਚ ਗ਼ਨੀਮਤ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ | ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੇ ਐੱਸ.ਅੱੈਸ.ਪੀ ਆਦਿੱਤਯ ਵਲੋਂ ਦੁਕਾਨ ਮਾਲਕਾਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਜਲਦ ਦੋਸ਼ੀ ਪੁਲਿਸ ਹਿਰਾਸਤ ਵਿਚ ਹੋਣਗੇ | ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿਚ ਅਜਿਹੇ ਸ਼ਰਾਰਤੀ ਅਨਸਰਾਂ ਨੰੂ ਸ਼ਹਿਰ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ |