ਪਠਾਨਕੋਟ, 18 ਜੁਲਾਈ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਸਬੰਧੀ ਈਮੇਲ 'ਤੇ ਆਈ ਧਮਕੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਅਤੇ ਇਨ੍ਹਾਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਚੌਹਾਂ ਵਰਨਾਂ ਨੂੰ ਸਾਂਝਾ ਉਪਦੇਸ਼ ਦੇਣ ਵਾਲੇ ਅਸਥਾਨ 'ਤੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 14 ਜੁਲਾਈ ਤੋਂ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਵਿਸਫੋਟਕ ਪਦਾਰਥਾਂ ਨਾਲ ਧਮਾਕੇ ਕਰਨ ਦੀਆਂ ਈ-ਮੇਲਜ਼ ਭੇਜੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਈ-ਮੇਲਜ਼ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਵੱਡੀ ਸੱਟ ਵੱਜੀ ਹੈ, ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਲਈ ਜਾਨ ਤੋਂ ਵੱਧ ਪਿਆਰਾ ਅਸਥਾਨ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਗੰਭੀਰਤਾ ਦਿਖਾਵੇ ਅਤੇ ਸਾਈਬਰ ਕ੍ਰਾਈਮ ਵਿਭਾਗ ਰਾਹੀਂ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਕੇ ਉਸ ਨੂੰ ਫੜ ਕੇ ਮਿਸਾਲੀ ਸਜਾ ਦੁਆਵੇ ਤਾਂ ਕਿ ਮੁੜ ਕੋਈ ਅਜਿਹੀ ਹਿਮਾਕਤ ਨਾ ਕਰ ਸਕੇ |